High court Beadabi case : ਚੰਡੀਗੜ੍ਹ : ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹਏ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਰੱਦ ਕਰ ਦਿੱਤਾ। ਅਤੇ ਇਸ ਮਾਮਲੇ ਵਿੱਚ ਨਵੀਂ ਐਸਆਈਟੀ ਦਾ ਗਠਨ ਕਰਨ ਲਈ ਕਿਹਾ, ਜਿਸ ਵਿੱਚ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਲ ਨਹੀਂ ਹੋਣਗੇ। ਅਦਾਲਤ ਨੇ ਇਹ ਨਿਰਦੇਸ਼ ਕੋਟਕਪੂਰਾ ਫਾਇਰਿੰਗ ਕੇਸ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਰਿੱਟ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤਾ।
ਗੁਰਦੀਪ ਸਿੰਘ ਪੰਧੇਰ ਨੂੰ 2020 ਸਾਲ ‘ਚ ਜੂਨ ਮਹੀਨੇ ਹਿਰਾਸਤ ‘ਚ ਲਿਆ ਗਿਆ ਸੀ। ਪੰਧੇਰ 14 ਅਕਤੂਬਰ, 2015 ਨੂੰ ਕੋਟਕਪੂਰਾ ਸਿਟੀ ਥਾਣੇ ਦਾ ਐਸ.ਐਚ.ਓ ਸੀ। ਪੰਧੇਰ ‘ਤੇ ਇਸ ਕੇਸ ਨਾਲ ਸਬੰਧਤ ਥਾਣੇ ਦੇ ਰਿਕਾਰਡ ਨਾਲ ਛੇੜਛਾੜ ਦਾ ਵੀ ਦੋਸ਼ ਸੀ। ਉਸ ਨੂੰ 2015 ਦੇ ਐਫਆਈਆਰ 192 ਵਿਚ ਹਿਰਾਸਤ ਵਿਚ ਲੈ ਲਿਆ ਸੀ। ਕੇਸ ਦੇ ਮੁਲਜ਼ਮਾਂ ਵਿੱਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਐਸ ਪੀ ਪਰਮਜੀਤ ਸਿੰਘ ਅਤੇ ਬਲਜੀਤ ਸਿੰਘ ਅਤੇ ਉਸ ਵੇਲੇ ਕੋਟਕਪੂਰਾ ਦੇ ਐਸਐਚਓ ਗੁਰਦੀਪ ਸਿੰਘ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਟਕਪੂਰਾ ਤੇ ਬਹਿਬਲ ਕਲਾਂ ਕਾਂਡ ਵਿੱਚ ਲੰਮੇ ਸਮੇਂ ਤੋਂ ਸ਼ਾਮਲ ਰਹੇ ਹਨ। ਬੀਤੇ ਮਾਰਚ ਮਹੀਨੇ ’ਚ ਕੁਵੰਰ ਵਿਜੇ ਪ੍ਰਤਾਪ ਨੇ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਜਾਂਚ ਮੁਕੰਮਲ ਕਰ ਲਈ ਹੈ ਅਤੇ ਚਲਾਨਾ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ’ਤੇ ਕਈ ਤਰ੍ਹਾਂ ਦੇ ਦਬਾਅ ਪਾਏ ਜਾ ਰਹੇ ਹਨ। ਪਰ ਹੁਣ ਨਵੀਂ ਐਸਆਈਟੀ ਦਾ ਗਠਨ ਹੋਣ ‘ਤੇ ਹੁਣ ਇਸ ਮਾਮਲੇ ਦੀ ਜਾਂਚ ਮੁੜ ਨਵੇਂ ਸਿਰ ਤੋਂ ਹੋਵੇਗੀ।