Captain to challenge High Court : ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਹਾਈਕੋਰਟ ਵੱਲੋਂ ਐਸਆਈਟੀ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਰਿਪੋਰਟ ਨੂੰ ਰੱਦ ਕਰਨ ਤੇ ਨਵੀਂ ਐਸਆਈਟੀ ਬਣਾਉਣ ਦੇ ਫੈਸਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ। ਕੈਪਟਨ ਨੇ ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਪੁਲਿਸ ਦੀ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਦੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ ਨੂੰ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ ਅਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਵਿਚ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਇਆ ਜਾਵੇਗਾ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹਏ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਅਤੇ ਇਸ ਮਾਮਲੇ ਵਿੱਚ ਨਵੀਂ ਐਸਆਈਟੀ ਦਾ ਗਠਨ ਕਰਨ ਲਈ ਕਿਹਾ, ਜਿਸ ਵਿੱਚ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਲ ਨਹੀਂ ਹੋਣਗੇ। ਅਦਾਲਤ ਨੇ ਇਹ ਨਿਰਦੇਸ਼ ਕੋਟਕਪੂਰਾ ਫਾਇਰਿੰਗ ਕੇਸ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਰਿੱਟ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤਾ।
ਜ਼ਿਕਰਯੋਗ ਹੈ ਕਿ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਟਕਪੂਰਾ ਤੇ ਬਹਿਬਲ ਕਲਾਂ ਕਾਂਡ ਵਿੱਚ ਲੰਮੇ ਸਮੇਂ ਤੋਂ ਸ਼ਾਮਲ ਰਹੇ ਹਨ। ਬੀਤੇ ਮਾਰਚ ਮਹੀਨੇ ’ਚ ਕੁਵੰਰ ਵਿਜੇ ਪ੍ਰਤਾਪ ਨੇ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਜਾਂਚ ਮੁਕੰਮਲ ਕਰ ਲਈ ਹੈ ਅਤੇ ਚਲਾਨਾ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ’ਤੇ ਕਈ ਤਰ੍ਹਾਂ ਦੇ ਦਬਾਅ ਪਾਏ ਜਾ ਰਹੇ ਹਨ। ਪਰ ਜੇਕਰ ਨਵੀਂ ਐਸਆਈਟੀ ਦਾ ਗਠਨ ਹੁੰਦਾ ਹੈ ਤਾਂ ਹੁਣ ਇਸ ਮਾਮਲੇ ਦੀ ਜਾਂਚ ਮੁੜ ਨਵੇਂ ਸਿਰ ਤੋਂ ਹੋਵੇਗੀ।