Haryana minister anil vij : ਪਿੱਛਲੇ ਸਾਲ ਨਵੰਬਰ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਅਜੇ ਵੀ ਜਾਰੀ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 138 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਆਪਣੀ ਗੱਲ ‘ਤੇ ਅੜੀ ਹੋਈ ਹੈ। ਇਸ ਵਿਚਕਾਰ ਹੁਣ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਕਿਉਂਕਿ ਕੋਰੋਨਾ ਵਾਇਰਸ ਦੇ ਸੰਕਟ ਦਾ ਖਤਰਾ ਵੱਧਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਅਤੇ ਹਰਿਆਣਾ ‘ਚ ਵੀ “ਵਿਗੜਦੀ ਸਥਿਤੀ” ਦਾ ਹਵਾਲਾ ਦਿੰਦਿਆਂ ਵਿਜ ਨੇ ਕਿਹਾ ਕਿ ਉਹ ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬਾਰੇ ਚਿੰਤਤ ਹਨ।
ਮੰਤਰੀ ਨੇ ਕਿਹਾ, “ਹਰਿਆਣਾ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਕੰਟਰੋਲ ਵਿੱਚ ਲਿਆਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਚਿੰਤਾ ਹੈ ਜੋ ਹਰਿਆਣਾ ਦੀ ਸਰਹੱਦ‘ ਤੇ ਬੈਠੇ ਹਨ ਅਤੇ ਮੈ ਉਨ੍ਹਾਂ ਨੂੰ ਕੋਰੋਨਾ ਤੋਂ ਬਚਾਉਣਾ ਹੈ।” ਵਿਜ ਨੇ 9 ਅਪ੍ਰੈਲ ਨੂੰ ਆਪਣੇ ਪੱਤਰ ਵਿੱਚ ਕਿਹਾ, “ਇਸ ਗੱਲ ਦੀ ਵੀ ਚਿੰਤਾ ਹੈ ਕਿ ਉਨ੍ਹਾਂ ਤੋਂ ਇਹ ਬਿਮਾਰੀ ਸਾਰੇ ਰਾਜ ਵਿੱਚ ਨਾ ਫੈਲ ਜਾਵੇ।” ਉਨ੍ਹਾਂ ਕਿਹਾ, “ਅਨਿਸ਼ਚਿਤਤਾ ਦੀ ਸਥਿਤੀ ਕਾਇਮ ਹੈ ਕਿਉਂਕਿ ਲੰਬੇ ਸਮੇਂ ਤੋਂ ਗੱਲਬਾਤ ਨਹੀਂ ਹੋਈ।” ਮੇਰਾ ਮੰਨਣਾ ਹੈ ਕਿ ਗੱਲਬਾਤ ਨਾਲ ਕੋਈ ਵੀ ਸਮੱਸਿਆ ਹੱਲ ਹੋ ਸਕਦੀ ਹੈ।” ਵਿਜ ਨੇ ਆਪਣੇ ਪੱਤਰ ਵਿੱਚ ਲਿਖਿਆ, “ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਗੱਲਬਾਤ ਦੁਬਾਰਾ ਸ਼ੁਰੂ ਕੀਤੀ ਜਾਵੇ, ਤਾਂ ਜੋ ਮਸਲਾ ਹੱਲ ਹੋ ਜਾਵੇ ਅਤੇ ਪ੍ਰਦਰਸ਼ਨ ਖਤਮ ਹੋ ਜਾਵੇ।”