Sukhbir Badal’s big : ਵਿਸਾਖੀ ਪਵਿੱਤਰ ਮੌਕੇ ‘ਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਆਉਣ ਵਾਲੀਆਂ 2022 ਦੀਆਂ ਚੋਣਾਂ ‘ਚ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਉਂਦੀ ਹੈ ਤਾਂ ਉਹ ਔਰਤਾਂ ਨੂੰ ਪ੍ਰਾਈਵੇਟ ਬੱਸਾਂ ਵਿੱਚ ਵੀ ਮੁਫਤ ਸਫਰ ਦੀ ਸਹੂਲਤ ਦੇਣਗੇ। ਜਦੋਂ ਸੁਖਬੀਰ ਬਾਦਲ ਤੋਂ ਸਵਾਲ ਪੁੱਛਿਆ ਗਿਆ ਕਿ ਉਨ੍ਹਾਂ ਦੀ ਖੁਦ ਦੀ ਵੀ ਪ੍ਰਾਈਵੇਟ ਬੱਸਾਂ ਦੀ ਕੰਪਨੀ ਹੈ ਉਹ ਹੁਣ ਹੀ ਕਿਉਂ ਨਹੀਂ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦੇ ਦਿੰਦੇ ਤਾਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਕਾਰ ਦਾ ਹੁੰਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਬਣਨ ‘ਤੇ ਉਹ ਔਰਤਾਂ ਨੂੰ ਇਹ ਸਹੂਲਤ ਜ਼ਰੂਰ ਦੇਣਗੇ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਐਲਾਨੇ ਜਾ ਰਹੇ ਉਮੀਦਵਾਰਾਂ ਦੀ ਲੜੀ ਵਿਚ ਅੱਜ ਉਨ੍ਹਾਂ ਨੇ ਹਲਕੇ ਦੇ ਚਾਰ ਵਾਰ ਵਿਧਾਇਕ ਰਹੇ ਅਤੇ ਮੌਜੂਦਾ ਹਲਕਾ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੁਖਬੀਰ ਬਾਦਲ ਨੇ ਪਾਵਨ ਗੁਰਬਾਣੀ ਸਰਵਣ ਕੀਤੀ ਅਤੇ ਖ਼ਾਲਸਾ ਪੰਥ ਦੇ ਸਿਰਜਣਹਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ‘ਚ ਕਿਸਾਨ ਵੀਰਾਂ ਦੀ ਅੰਦੋਲਨ ‘ਚ ਜਿੱਤ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।