Punjab CM convenes : ਬਰਗਾੜੀ ਮਾਮਲੇ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਪੰਜਾਬ ਸਰਕਾਰ ‘ਤੇ ਚੁੱਕੇ ਜਾ ਰਹੇ ਸਵਾਲਾਂ ਦੇ ਵਿਚਕਾਰ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਿਵਾਸ ਸਥਾਨ ‘ਤੇ ਇਕ ਮਹੱਤਵਪੂਰਨ ਬੈਠਕ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 1 ਵਜੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਬੈਠਕ ਦਾ ਮੁੱਖ ਏਜੰਡਾ ਇਸ ਮਾਮਲੇ ‘ਤੇ ਅਗਲੀ ਰਣਨੀਤੀ ਤਿਆਰ ਕਰਨਾ ਹੋਵੇਗਾ। ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਸਰਕਾਰ ਦੇ 2-2 ਮੰਤਰੀ ਅਤੇ 4-5 ਵਿਧਾਇਕ ਸ਼ਾਮਲ ਹੋਣਗੇ। ਜੇ ਸੂਤਰਾਂ ਦੀ ਮੰਨੀਏ ਤਾਂ 3 ਮੰਤਰੀ ਲਾਲ ਸਿੰਘ, ਸੁਨੀਲ ਜਾਖੜ, ਕਿਕੀ ਢਿੱਲੋਂ ਇਸ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਏਜੀ ਅਤੁਲ ਨੰਦਾ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ।
ਦੋ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਕਾਂਗਰਸ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸੁਸਤ ਜਾਂਚ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਵੀ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਰਗਾੜੀ ਬੇਅਦਬੀ ਮਾਮਲੇ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਵਿਧਾਨ ਸਭਾ ਵਿਚ ਜਨਤਕ ਕੀਤਾ ਗਿਆ ਉਸੇ ਤਰ੍ਹਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਵੀ ਜਨਤਕ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਸੇ ਦਿਸ਼ਾ ‘ਚ ਮਹੱਤਵਪੂਰਨ ਕਦਮ ਚੁੱਕਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਅਹਿਮ ਬੈਠਕ ਬੁਲਾਈ ਗਈ ਹੈ ਤਾਂ ਜੋ ਇਸ ਮਾਮਲੇ ਸਬੰਧੀ ਕੋਈ ਅਹਿਮ ਫੈਸਲਾ ਲਿਆ ਜਾ ਸਕੇ।