Weekend lockdown in : ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਇਕ ਅਹਿਮ ਫੈਸਲਾ ਲਿਆ ਹੈ। ਚੰਡੀਗੜ੍ਹ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਤਾਲਾਬੰਦੀ ਦਾ ਸਮਾਂ ਅੱਜ ਰਾਤ 10 ਵਜੇ ਤੋਂ ਸ਼ੁਰੂ ਹੋਵੇਗਾ, ਜੋ ਕਿ ਸੋਮਵਾਰ ਨੂੰ ਸਵੇਰੇ 5 ਵਜੇ ਤੱਕ ਹੋਵੇਗਾ। ਇਹ ਫੈਸਲਾ ਪੰਜਾਬ ਦੇ ਰਾਜਪਾਲ ਦੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ।
ਪੰਜਾਬ ਵਿਚ ਰੋਜ਼ਾਨਾ ਹਜ਼ਾਰਾਂ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਵੀਕੈਂਡ ‘ਤੇ ਭਾਰੀ ਭੀੜ ਹੁੰਦੀ ਹੈ। ਇਸ ਕਾਰਨ ਸਖਤ ਫੈਸਲਾ ਲਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਪੁਲਿਸ ਮੁਖੀ ਸੰਜੇ ਬੈਨੀਵਾਲ ਵੀ ਕੋਰੋਨਾ ਪਾਜੀਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਹੀ ਕੁਆਰੰਟਾਈਨ ਕਰ ਲਿਆ ਹੈ। ਉਹ ਕੋਰੋਨਾ ਦੀਆਂ ਦੋਵੇਂ ਡੋਜ਼ ਵੀ ਲੈ ਬੈਠੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ। ਚੰਡੀਗੜ੍ਹ ‘ਚ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ ਤੇ 70 ਫੀਸਦੀ ਮਾਮਲੇ ਯੂ. ਕੇ. ਸਟ੍ਰੇਨ ਨਾਲ ਸਬੰਧਤ ਹੋਣ ਕਰਕੇ ਪ੍ਰਸ਼ਾਸਨ ਵੱਲੋਂ ਇਹ ਸਖਤ ਕਦਮ ਚੁੱਕਿਆ ਗਿਆ ਹੈ। ਪੀਜੀਆਈ ਮੁਤਾਬਕ ਮਾਰਚ ਵਿੱਚ 60 ਕੋਰੋਨਾ ਸੈਂਪਲ ਜਾਂਚ ਲਈ ਨਵੀਂ ਦਿੱਲੀ ਸਥਿਤ ਨੈਸ਼ਨਲ ਸੈਂਟਰ ਫਾਰ ਡਿਜੀਜ ਕੰਟਰੋਲ ‘ਚ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ‘ਚ ਚੰਡੀਗੜ੍ਹ ਦੇ ਲੋਕਾਂ ਦੇ ਸਭ ਤੋਂ ਵੱਧ ਕੋਰੋਨਾ ਸੈਂਪਲ ਜਾਂਚ ਲਈ ਭੇਜੇ ਗਏ ਸਨ ਤੇ 70 ਫੀਸਦੀ ਲੋਕ ਯੂਕੇ ਵੈਰੀਐਂਟ ਹਨ।
ਪੀਜੀਆਈ ਦੇ ਡਾਇਰੈਕਟਰ ਪ੍ਰੋ. ਜਗਤਰਾਮ ਨੇ ਲੋਕਾਂ ਨੂੰ ਚਿਤਾਵਨੀ ਜਾਰੀ ਕੀਤੀ ਕਿ ਉਹ ਹਮੇਸ਼ਾ ਮੂੰਹ ‘ਤੇ ਮਾਸਕ ਲਗਾਉਣ ਅਤੇ ਸਰੀਰਕ ਦੂਰੀ ਬਣਾਈ ਰੱਖਣ। ਸ਼ਹਿਰ ਦੇ ਲੋਕਾਂ ਨੂੰ ਭੀੜ ਵਾਲੇ ਖੇਤਰ ਵਿਚ ਜਾਣ ਤੋਂ ਬਚਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਦੀ ਲਾਗ ਇਸ ਤਰ੍ਹਾਂ ਵਧਦੀ ਰਹਿੰਦੀ ਹੈ ਤਾਂ ਸ਼ਹਿਰ ਨੂੰ ਇੱਕ ਵਾਰ ਫਿਰ ਤੋਂ ਲੌਕਡਾਊਨ ਲਗਾਉਣਾ ਪੈ ਸਕਦਾ ਹੈ।