Captain urges Center : ਚੰਡੀਗੜ੍ਹ : ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਦੌਰਾਨ ਸਾਲ 2021-22 ਲਈ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਆੜ੍ਹਤੀਆਂ ਵੱਲੋਂ ਮੁਹੱਈਆ ਕਰਵਾਏ ਚੰਗੀ ਹਾਲਤ ਵਾਲੇ ਵਰਤੇ ਹੋਏ ਬਾਰਦਾਨੇ ‘ਚ ਕਣਕ ਦੀ ਭਰਾਈ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਦਮ ਪੰਜਾਬ ਦੀ ਕਿਸੇ ਵੀ ਮੰਡੀ ਵਿਚ ਬਾਰਦਾਨੇ ਦੀ ਘਾਟ ਨੂੰ ਪੂਰਾ ਕਰਨ ਤਹਿਤ ਲਿਆ ਗਿਆ ਹੈ। ਮੰਡੀਆਂ ਵਿਚ ਕਣਕ ਦੀ ਆਮਦ ਵਧ ਕੇ ਰੋਜਾਨਾ 8 ਲੱਖ ਮੀਟਰਕ ਟਨ ਤੱਕ ਪਹੁੰਚ ਗਈ ਹੈ ਅਤੇ ਖਰੀਦੀ ਹੋਈ ਕਣਕ ਦੇ ਭੰਡਾਰਨ ਲਈ ਕੌਮੀ ਪੱਧਰ ਉਤੇ ਨਵੇਂ ਬਾਰਦਾਨੇ ਅਤੇ ਪੀ.ਪੀ. ਬੈਗਜ਼ ਦੀ ਕਮੀ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜਾ ਲਿਆ। ਸਰਹੱਦੀ ਜਿਲਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਖਰੀਦ ਦੀ ਰਫਤਾਰ ਧੀਮੀ ਹੋਣ ਦੇ ਮੁੱਦੇ ਉਤੇ ਇਹ ਸਪੱਸ਼ਟ ਕੀਤਾ ਗਿਆ ਕਿ ਇਨ੍ਹਾਂ ਇਲਾਕਿਆਂ ਵਿਚ ਕਣਕ ਦੇ ਦਾਣੇ ਸੁੰਘੜ ਗਏ ਹਨ ਜਿਸ ਕਰਕੇ ਇਨ੍ਹਾਂ ਦੀ ਖਰੀਦ ਤੋਂ ਪਹਿਲਾਂ ਭਾਰਤ ਸਰਕਾਰ ਪਾਸੋਂ ਖਰੀਦ ਸਬੰਧੀ ਮਾਪਦੰਡਾਂ ਵਿਚ ਢਿੱਲ ਦੇਣੀ ਚਾਹੀਦੀ ਹੈ।
ਪੰਜਾਬ ਸਰਕਾਰ ਨੇ 16 ਅਪ੍ਰੈਲ ਨੂੰ ਭਾਰਤ ਸਰਕਾਰ ਨੂੰ ਪਹਿਲਾਂ ਹੀ ਲਿਖ ਦਿੱਤਾ ਸੀ ਕਿ ਸਰਹੱਦੀ ਜਿਲਿਆਂ ਵਿਚ 11 ਫੀਸਦੀ ਤੱਕ ਸੁੰਗੜੇ ਅਤੇ ਟੁੱਟੇ ਹੋਏ ਅਤੇ 10 ਫੀਸਦੀ ਤੱਕ ਬਦਰੰਗ ਹੋਏ ਕਣਕ ਦੇ ਦਾਣਿਆਂ ਸਬੰਧੀ ਬਿਨਾਂ ਕਿਸੇ ਕੀਮਤ ਕਟੌਤੀ ਦੇ ਇਕਸਾਰ ਮਾਪਦੰਡਾਂ ਵਿਚ ਤੁਰੰਤ ਢਿੱਲ ਦਿੱਤੀ ਜਾਵੇ। ਕੇਂਦਰ ਵੱਲੋਂ ਅਜੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਅਤੇ ਪ੍ਰਮੁੱਖ ਸਕੱਤਰ, ਖੁਰਾਕ ਤੇ ਸਿਵਲ ਸਪਲਾਈਜ਼ ਨੂੰ ਇਹ ਮਾਮਲਾ ਤੁਰੰਤ ਸੁਲਝਾਉਣ ਲਈ ਭਾਰਤ ਸਰਕਾਰ ਵਿਚਲੇ ਆਪਣੇ ਹਮਰੁਤਬਾ ਵਿਅਕਤੀਆਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਜਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ‘ਚ ਐਫ.ਸੀ.ਆਈ. ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਕਣਕ ਦੇ ਨਮੂਨਿਆਂ ਦਾ ਸਾਂਝੇ ਰੂਪ ਵਿਚ ਅਧਿਐਨ ਕੀਤਾ ਜਾਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਇਨ੍ਹਾਂ ਜਿਲਿਆਂ ਦੀਆਂ ਕੁਝ ਮੰਡੀਆਂ ‘ਚ ਬਦਰੰਗ ਹੋਏ ਦਾਣਿਆਂ ਦੀ ਮਾਤਰਾ 5 ਫੀਸਦੀ ਅਤੇ ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਮਾਤਰਾ 11 ਫੀਸਦੀ ਤੱਕ ਪਾਈ ਗਈ ਹੈ ਜੋ ਕਿ ਨਿਰਧਾਰਤ ਹੱਦ ਤੋਂ ਜਿਆਦਾ ਹੈ। ਇਸੇ ਤਰ੍ਹਾਂ ਫਾਜਿਲਕਾ ਦੇ ਮਾਮਲੇ ਵਿਚ ਵੀ ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਮਾਤਰਾ 9.9 ਫੀਸਦੀ ਤੱਕ ਪਾਈ ਗਈ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੰਡੀਆਂ ਵਿਚ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੇ ਟੀਕਾਕਰਨ ਦੀ ਸਹੂਲਤ ਲਈ ਮੰਡੀਆਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ। ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ 17 ਅਪ੍ਰੈਲ ਤੱਕ ਸੂਬੇ ਦੀਆਂ ਮੰਡੀਆਂ ਵਿਚ 38.95 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਹੁਣ ਤੱਕ 34.40 ਲੱਖ ਮੀਟਰਕ ਟਨ ਕਣਕ ਘੱਟੋ-ਘੱਟ ਸਮਰਥਨ ਮੁੱਲ 1975 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 72 ਘੰਟਿਆਂ ਦੇ ਨਿਰਧਾਰਤ ਸਮੇਂ ਵਿਚ 85 ਫੀਸਦੀ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਅਦਾਇਗੀ ਸ਼ੁਰੂ ਹੋ ਚੁੱਕੀ ਹੈ ਅਤੇ ਸੋਮਵਾਰ ਤੋਂ ਬੈਂਕਾਂ ਖੁੱਲ੍ਹਣ ਤੋਂ ਬਾਅਦ ਇਸ ਵਿਚ ਹੋਰ ਤੇਜੀ ਆਵੇਗੀ। ਮੁੱਖ ਮੰਤਰੀ ਨੇਕਿਹਾ ਕਿ ਕਿਸਾਨਾਂ ਦੀ ਭਲਾਈ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਮੀਟਿੰਗ ਵਿਚ ਮੁੱਖ ਸਕੱਤਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਖੇਤੀਬਾੜੀ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਹਾਜ਼ਰ ਸਨ।