Farmers forced to : ਚੰਡੀਗੜ੍ਹ: ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਇਹ ਸਾਰੇ ਸਿਰਫ ਖੋਖਲੇ ਹੀ ਪ੍ਰਤੀਤ ਹੋ ਰਹੇ ਹਨ। ਪੰਜਾਬ ਦੀਆਂ ਮੰਡੀਆਂ ਵਿੱਚ ਆਪਣੀਆਂ ਫਸਲਾਂ ਵੇਚਣ ਆਏ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਪੰਜਾਬ ਕਾਂਗਰਸ ਦੀ ਅਮਰਿੰਦਰ ਸਰਕਾਰ ‘ਤੇ ਤਿੱਖੇ ਨਿਸ਼ਾਨ ਲਾਉਂਦਿਆਂ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮ ਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਪੰਜਾਬ ਦੀਆਂ ਮੰਡੀਆਂ ਵਿਚ ਪੰਜਾਬ ਸਰਕਾਰ ਵੱਲੋਂ ਸਹੀ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਨਾਲ ਕਈ ਦਿਨਾਂ ਤੋਂ ਮੰਡੀਆਂ ਵਿੱਚ ਧੱਕੇ ਖਾਣੇ ਪੈ ਰਹੇ ਹਨ।
ਜਿਥੇ ਬਾਰਦਾਨੇ ਦੀ ਘਾਟ ਕਾਰਨ ਕਿਸਾਨੀ ਦੀ ਫਸਲ ਦਾ ਵਜ਼ਨ ਨਹੀਂ ਕੀਤਾ ਜਾ ਰਿਹਾ, ਉਥੇ ਸਿੱਧੀ ਅਦਾਇਗੀ ਲਈ ਪੋਰਟਲ ਬਣਾਇਆ ਗਿਆ ਹੈ, ਦੇਰੀ ਨਾਲ ਖਰੀਦੇ ਜਾਣ ਕਾਰਨ ਖਾਤੇ ਵਿਚ ਭੁਗਤਾਨ ਦੇਰੀ ਨਾਲ ਹੋ ਰਿਹਾ ਹੈ। ਜਿੱਥੇ ਕਣਕ ਦੀ ਕਟਾਈ ਪੂਰੇ ਜੋਰਾਂ-ਸ਼ੋਰਾਂ ‘ਤੇ ਹੈ, ਉਥੇ ਹੀ ਦੂਜੇ ਪਾਸੇ ਮੌਸਮ ਦੇ ਖਰਾਬ ਹੋਣ ਕਾਰਨ ਕਿਸਾਨਾਂ ਭਰਾਵਾਂ ਦੇ ਹਮਾਇਤੀਆਂ ਸ਼ਾਹ ਵੀ ਸੌਂ ਰਹੇ ਹਨ। ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਸਲ ਦੀ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਫਸਲ ਦਾ ਵਜ਼ਨ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਕਿਸਾਨ ਮੰਡੀਆਂ ਵਿੱਚ ਫਸਣ ਤੋਂ ਬਚਾਅ ਕਰ ਸਕਣ। ਉਨ੍ਹਾਂ ਕਿਹਾ ਕਿ ਅੱਜ ਜਦੋਂ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਹਰ ਸੰਭਵ ਸਹਾਇਤਾ ਦੇ ਰਹੀ ਹੈ ਤਾਂ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।