District Magistrate fixes : ਲੁਧਿਆਣਾ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਮੁਨਾਫਾਖੋਰੀ ਰੋਕਣ, ਕੋਵਿਡ-19 ਮਰੀਜ਼ਾਂ ਨੂੰ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਐਂਬੂਲੈਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਦੇ ਧਿਆਨ ਵਿੱਚ ਆਇਆ ਹੈ ਕਿ ਕੋਵਿਡ-19 ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਲਈ ਕੁਝ ਐਂਬੂਲੈਂਸ ਮਾਲਕਾਂ ਵੱਲੋਂ ਮੁਨਾਫਾਖੋਰੀ ਕੀਤੀ ਜਾ ਰਹੀ ਹੈ ਅਤੇ ਨਾਜਾਇਜ਼ ਰੇਟ ਵਸੂਲੇ ਜਾ ਰਹੇ ਹਨ। ਕੋਵਿਡ ਮਰੀਜ਼ਾਂ ਦੀ ਸੁਵਿਧਾ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ ਹਨ ਜਿਸ ਵਿੱਚ ਐਂਬੂਲੈਂਸ ਵੈਨ/ਇਨੋਵਾ ਐਂਬੂਲੈਂਸ 25 ਕਿਲੋਮੀਟਰ ਤੱਕ ਘੱਟੋ-ਘੱਟ ਕਿਰਾਇਆ 2500 ਰੁਪਏ ਅਤੇ 25 ਕਿਲੋਮੀਟਰ ਤੋਂ ਵੱਧ 12 ਰੁਪਏ ਪ੍ਰਤੀ ਕਿਲੋਮੀਟਰ ਅਤੇ ਇਸੇ ਤਰ੍ਹਾਂ ਵੈਂਟੀਲੇਟਰ ਐਂਬੂਲੈਂਸ ਵੈਨ 25 ਕਿਲੋਮੀਟਰ ਤੱਕ ਘੱਟੋ-ਘੱਟ ਕਿਰਾਇਆ 5000 ਰੁਪਏ ਅਤੇ 25 ਕਿਲੋਮੀਟਰ ਤੋਂ ਵੱਧ 25 ਰੁਪਏ ਪ੍ਰਤੀ ਕਿਲੋਮੀਟਰ ਤੈਅ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ/ਸੰਸਥਾ ਵੱਲੋਂ ਨਿਰਧਾਰਿਤ ਰੇਟ ਤੋਂ ਜ਼ਿਆਦਾ ਪੈਸੇ ਵਸੂਲੇ ਜਾਂਦੇ ਹਨ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਜ਼ਿਕਰਯੋਗ ਹੈ ਕਿ ਕੋਵਿਡ-19 (ਕੋਰੋਨਾ ਵਾਇਰਸ) ਕਰਕੇ ਸਾਰੇ ਸੰਸਾਰ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਸਰਕਾਰ ਵੱਲੋਂ ਵੀ ਇਸ ਬਿਮਾਰੀ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਬਿਮਾਰੀ ਨਾਲ ਲੁਧਿਆਣਾ ਜ਼ਿਲ੍ਹਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਰੋਜ਼ਾਨਾ ਸੈਂਕੜੇ ਵਿਅਕਤੀ ਇਸ ਦੀ ਚਪੇਟ ਵਿੱਚ ਆ ਰਹੇ ਹਨ। ਸਕੱਤਰ ਆਰ.ਟੀ.ਏ. ਸ੍ਰੀ ਸੰਦੀਪ ਗੜ੍ਹਾ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਆਉਣ ‘ਤੇ ਐਂਬੂਲੈਂਸ ਹੈਲਪਲਾਈਨ ਨੰਬਰ 78143-63850 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।