Canada to suspend entry: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਇਸੇ ਵਿਚਾਲੇ ਕੈਨੇਡਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨਾਲ ਜੂਝ ਰਹੇ ਓਂਟਾਰੀਓ ਸੂਬੇ ਵਿੱਚ ਭਾਰਤ ਸਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਐਂਟਰੀ ’ਤੇ ਪਾਬੰਦੀ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਰੋਕ ਲਗਾਈ ਜਾ ਸਕੇ ।
ਦਰਅਸਲ, ਇੱਕ ਰਿਪੋਰਟ ਅਨੁਸਾਰ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਓਨਟਾਰੀਓ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਨੂੰ ਰੋਕਣ ਬਾਰੇ ਵਿਚਾਰ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਓਨਟਾਰੀਓ ਪ੍ਰਾਂਤ ਦੇ ਮੁਖੀ ਡੌਗ ਫੋਰਡ ਵੱਲੋਂ ਬੇਨਤੀ ਕੀਤੀ ਗਈ ਸੀ। ਮੌਜੂਦਾ ਸਮੇਂ ਵਿੱਚ ਇਹ ਬੇਨਤੀ ਕਰਨ ਵਾਲਾ ਓਨਟਾਰੀਓ ਇਕਲੌਤਾ ਸੂਬਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨਾਲ ਚਰਚਾ ਤੋਂ ਬਾਅਦ ਉਹ ਇਸ ਬੇਨਤੀ ਨੂੰ ਰਸਮੀ ਰੂਪ ਦੇਣਗੇ।
ਦੱਸ ਦੇਈਏ ਕਿ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਇਹ ਸਪੱਸ਼ਟ ਨਹੀਂ ਹੈ ਕਿ ਇਹ ਬਦਲਾਅ ਕਦੋਂ ਤੱਕ ਹੋਵੇਗਾ ਜਾਂ ਕਦੋਂ ਤੱਕ ਰਹੇਗਾ। ਇਸ ਵੇਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਕੋਵਿਡ-19 ਯਾਤਰਾ ਨਿਯਮਾਂ ਤੋਂ ਛੋਟ ਹੈ । ਓਟਾਵਾ ਸਥਿਤ ਸਿੱਖਿਆ ਸੇਵਾ ਪ੍ਰਦਾਤਾ ਕੈਨੇਡੀਅਨ ਬਿਊਰੋ ਫਾਰ ਇੰਟਰਨੈਸ਼ਨਲ ਐਜੂਕੇਸ਼ਨ (CBIE) ਅਨੁਸਾਰ ਕੈਨੇਡਾ ਵਿੱਚ 2020 ਵਿੱਚ 5,30,540 ਅੰਤਰਰਾਸ਼ਟਰੀ ਵਿਦਿਆਰਥੀ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਭਾਰਤ (34 ਫ਼ੀਸਦੀ) ਦੇ ਸਨ । ਇਸ ਤੋਂ ਬਾਅਦ 22 ਫ਼ੀਸਦੀ ਵਿਦਿਆਰਥੀ ਚੀਨ ਦੇ ਸਨ ।