India reports over 4000 deaths: ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦਾ ਭਿਆਨਕ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਪਿਛਲੇ ਤਿੰਨ ਦਿਨਾਂ ਤੋਂ ਦੇਸ਼ ਵਿੱਚ 4 ਲੱਖ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਕੋਵਿਡ ਦੀ ਚਪੇਟ ਵਿੱਚ ਆ ਕੇ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ । ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਇੱਕ ਦਿਨ ਵਿੱਚ ਰਿਕਾਰਡ 4,187 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜੋ ਕਿ ਇੱਕ ਦਿਨ ਵਿੱਚ ਹੁਣ ਤੱਕ ਹੋਈਆਂ ਮੌਤਾਂ ਦੀ ਸਭ ਤੋਂ ਵੱਧ ਗਿਣਤੀ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4 ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ।
ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4,01,078 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 4,187 ਕੋਵਿਡ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ 3,18,609 ਕੋਰੋਨਾ ਮਰੀਜ਼ ਠੀਕ ਹੋਏ ਹਨ। ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 37 ਲੱਖ ਤੋਂ ਪਾਰ ਪਹੁੰਚ ਗਈ ਹੈ। ਦੇਸ਼ ਵਿੱਚ ਮਰੀਜ਼ਾਂ ਦੀ ਸਿਹਤਯਾਬੀ ਦੀ ਕੌਮੀ ਦਰ ਘੱਟ ਕੇ ਕੇ 81.95 ਪ੍ਰਤੀਸ਼ਤ ਹੋ ਗਈ ਹੈ। ਜਦਕਿ ਕੋਵਿਡ -19 ਮਹਾਂਮਾਰੀ ਕਾਰਨ ਮੌਤ ਦਰ 1.09 ਪ੍ਰਤੀਸ਼ਤ ਹੈ। ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਨੂੰ ਸਭ ਤੋਂ ਪ੍ਰਭਵਿਤ ਕਰੇਗੀ।
ਦੇਸ਼ ਦਾ ਮਹਾਰਾਸ਼ਟਰ ਰਾਜ ਸਭ ਤੋਂ ਜ਼ਿਆਦਾ ਕੋਰੋਨਾ ਨਾਲ ਪ੍ਰਭਾਵਿਤ ਹੈ । ਰਾਜ ਵਿੱਚ ਕੋਰੋਨਾ ਮਹਾਂਮਾਰੀ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਘੱਟ ਨਹੀਂ ਹੋ ਰਹੀ ਹੈ। ਮਹਾਰਾਸ਼ਟਰ ਵਿੱਚ ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ 898 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ । ਜਦੋਂਕਿ ਇੱਕ ਦਿਨ ਵਿੱਚ ਰਾਜ ਵਿੱਚ ਕੋਰੋਨਾ ਦੇ 54 ਹਜ਼ਾਰ 22 ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਦੂਜੇ ਪਾਸੇ ਜੇਕਰ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 19,832 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 341 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇੱਕ ਦਿਨ ਵਿੱਚ ਰਾਜਧਾਨੀ ਵਿੱਚ 19,085 ਮਰੀਜ਼ ਵੀ ਠੀਕ ਹੋ ਗਏ ਹਨ ।
ਇਹ ਵੀ ਦੇਖੋ: ਹੁਣ ਦੁਪਹਿਰ 12 ਵਜੇ ਤੋਂ ਬਾਅਦ ਮੁਕੰਮਲ Curfew , ਸੁਣੋ ਕੀ-ਕੀ ਖੁੱਲ੍ਹ ਸਕਦਾ