5 Corona patients : ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ, ਝੂਠੀ ਅਤੇ ਸੱਚਾਈ ਤੋਂ ਕੋਹਾਂ ਦੂਰ ਹੈ। ਦੱਸ ਦੇਈਏ ਕਿ ਇੱਕ ਨਿੱਜੀ ਹਸਪਤਾਲ ‘ਚ ਆਕਸੀਜਨ ਦੀ ਘਾਟ ਕਾਰਨ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦਾ ਦਾਅਵਾ ਕਰਨ ਵਾਲੀ ਜਾਅਲੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਲਾਈਵ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਸਲ ਸੱਚਾਈ ਦੱਸੀ ਗਈ। ਉਨ੍ਹਾਂ ਨੇ ਕਿਹਾ ਕਿ ਨਿੱਜੀ ਹਸਪਤਾਲ ‘ਚ ਕਿਸੇ ਵੀ ਮਰੀਜ਼ ਦੀ ਮੌਤ ਆਕਸੀਜਨ ਦੀ ਕਮੀ ਨਾਲ ਨਹੀਂ ਹੋਈ, ਸਗੋਂ ਇਹ ਮੌਤਾਂ ਕੋਰੋਨਾ ਮਹਾਮਾਰੀ ਕਾਰਨ ਹੋਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਅਤੇ ਪੁਲਿਸ ਕਮਿਸ਼ਨਰ ਨੂੰ ਅਜਿਹੇ ਸੰਵੇਦਨਸ਼ੀਲ ਸਮੇਂ ਦੌਰਾਨ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣ ਅਤੇ ਲੋਕਾਂ ‘ਚ ਪ੍ਰੇਸ਼ਾਨੀ ਅਤੇ ਡਰ ਪੈਦਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਅਲੀ ਖ਼ਬਰ ‘ਚ ਜ਼ਿਕਰ ਕੀਤੇ ਗਏ ਨਿੱਜੀ ਹਸਪਤਾਲ ਨੂੰ ਰੋਜ਼ਾਨਾ 150 ਆਕਸੀਜਨ ਸਿਲੰਡਰ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਮੌਜੂਦਾ ਸਮੇਂ ਵੀ ਹਸਪਤਾਲ ‘ਚ ਆਕਸੀਜਨ ਗੈਸ ਦਾ ਲੋੜੀਂਦਾ ਸਟਾਕ ਮੌਜੂਦ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੈਵਲ-3 ਦੇ ਮਰੀਜ਼ਾਂ ‘ਚ ਵਾਧਾ ਹੋਣ ਦੇ ਬਾਵਜੂਦ ਲੁਧਿਆਣਾ ‘ਚ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਦੀ ਘਾਟ ਨਹੀਂ ਹੈ।