Captain expressed grief over : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜ਼ੀਰਾ (63) ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ, ਜਿਨ੍ਹਾਂ ਦਾ ਅੱਜ ਸਵੇਰੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਕਾਰਨ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਪੁੱਤਰ ਛੱਡ ਗਏ।
ਜ਼ੀਰਾ ਦੇ ਵੱਡੇ ਬੇਟੇ ਕੁਲਬੀਰ ਸਿੰਘ ਜ਼ੀਰਾ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੈ। ਇੱਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਦਰਜੀਤ ਸਿੰਘ ਜ਼ੀਰਾ ਇੱਕ ਚੰਗੇ ਦਿਲ ਤੇ ਦਿਮਾਗ ਵਾਲੇ ਇਨਸਾਨ ਹੋਣ ਦੇ ਨਾਲ ਚੰਗੇ ਸਿਆਸਤਦਾਨ ਵੀ ਸਨ। ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨੀ ਅਤੇ ਖੇਤ ਮਜ਼ਦੂਰਾਂ ਦੀ ਰਾਖੀ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਨੂੰ ਮਾਲਵਾ ਖੇਤਰ ਦੇ ਸਰਵਪੱਖੀ ਵਿਕਾਸ ਲਈ ਸ਼ਾਨਦਾਰ ਸੇਵਾਵਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਅਕਾਲ ਪੁਰਖ ਨੂੰ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ ਅਤੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋ ਸਕਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਬਲ ਬਖਸ਼ਣ।