ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੋਮਵਾਰ ਨੂੰ ਸਬੰਧਤ ਵਿਭਾਗ ਦੇ ਮੁਖੀਆਂ ਨੂੰ ਰਾਜ ਵਿਚ ਵੱਡੇ ਜਨਤਕ ਅਧਾਰਤ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਜੰਗੀ ਪੱਧਰ ‘ਤੇ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ।
ਵਿਨੀ ਮਹਾਜਨ ਨੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਪ੍ਰਬੰਧਕੀ ਸਕੱਤਰਾਂ ਨਾਲ ਰਾਜ ਵਿੱਚ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਮੁਕੰਮਲ ਹੋਣ ਦੀ ਸਮੀਖਿਆ ਕਰਨ ਲਈ ਪਬਲਿਕ ਇਨਵੈਸਟਮੈਂਟ ਮੈਨੇਜਮੈਂਟ ਕਮੇਟੀ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਸਾਰੇ ਪ੍ਰੋਜੈਕਟਾਂ ਨੂੰ ਸਬੰਧਤ ਵਿਭਾਗ ਮਿੱਥੇ ਸਮੇਂ ਵਿਚ ਪੂਰਾ ਕਰੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਫਾਇਦਾ ਮਿਲ ਸਕੇ।
ਮੁੱਖ ਸਕੱਤਰ ਨੇ ਹਲਵਾਰਾ ਏਅਰਪੋਰਟ ਨੂੰ ਸ਼ੁਰੂ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਲਈ। ਇਸ ਤੋਂ ਇਲਾਵਾ ਫਾਜ਼ਿਲਕਾ ਵਿਖੇ 100 ਬੈੱਡਾਂ ਵਾਲੇ ਹਸਪਤਾਲ ਅਤੇ ਕੈਂਸਰ ਕੇਅਰ ਸੈਂਟਰ, ਮੋਹਾਲੀ ਵਿਖੇ ਬਣ ਰਹੇ ਨਵੇਂ ਮੈਡੀਕਲ ਕਾਲਜ, ਜਗਤ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ, ਵੱਖ-ਵੱਖ ਸ਼ਹਿਰਾਂ ਵਿਖੇ ਬਣਨ ਵਾਲੇ ਸਰਕਾਰੀ ਕਾਲਜਾਂ, ਸਟੇਟ ਕੈਂਸਰ ਸੈਂਟਰ ਅੰਮ੍ਰਿਤਸਰ, ਗੋਇੰਦਵਾਲ ਸਾਹਿਬ ਵਿਖੇ ਬਣਨ ਵਾਲੀ ਨਵੀਂ ਜੇਲ੍ਹ, ਬੱਸੀ ਪਠਾਣਾਂ ਦੇ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ, ਪਲਾਈਵੁੱਡ ਪਾਰਕ ਹੁਸ਼ਿਆਰਪੁਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਪ੍ਰੋਜੈਕਟ ਜਿਨ੍ਹਾਂ ਵਿਚ ਵੱਖ-ਵੱਖ ਸ਼ਹਿਰਾਂ ਦੇ ਸਨਅਤੀ ਫੋਕਲ ਪੁਆਇੰਟਾਂ ਵੀ ਸ਼ਾਮਲ ਹਨ ਸਬੰਧੀ ਮੁੱਖ ਸਕੱਤਰ ਨੇ ਜਾਣਕਾਰੀ ਹਾਸਲ ਕੀਤੀ।
ਮਹਾਜਨ ਨੇ ਵੱਖ-ਵੱਖ ਸ਼ਹਿਰਾਂ ਦੇ ਸਨਅਤੀ ਫੋਕਲ ਪੁਆਇੰਟਾਂ ਲਈ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਨਅਤਾਂ ਦੀ ਮਜ਼ਬੂਤੀ ਲਈ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆਂ ਕਰਵਾਉਣ ਲਈ ਉਦਯੋਗ ਵਿਭਾਗ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕਾਂ ਨੂੰ ਸੌਂਪਣ। ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਪ੍ਰੋਜੈਕਟਾਂ ਲਈ ਫੰਡ ਸਮੇਂ ਸਿਰ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲੋਕ ਮਹੱਤਤਾ ਵਾਲੇ ਹਨ ਇਸ ਲਈ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਾ ਆਉਣ ਦਿੱਤੀ ਜਾਵੇ। ਮੀਟਿੰਗ ਵਿਚ ਯੋਜਨਾ ਵਿਭਾਗ, ਵਿੱਤ ਵਿਭਾਗ, ਉਦਯੋਗ ਵਿਭਾਗ, ਸਿਵਲ ਏਵੀਏਸ਼ਨ, ਉਚੇਰੀ ਸਿੱਖਿਆ ਅਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਮੈਡੀਕਲ ਸਿੱਖਿਆ ਤੇ ਖੋਜ, ਜੇਲ੍ਹ ਵਿਭਾਗ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ