ਪੰਜਾਬ ਵਿਚ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਵਿਚ ਹੋਏ ਘਪਲੇ ਦਾ ਮਾਮਲਾ ਕਾਫੀ ਗਰਮਾਉਂਦਾ ਜਾ ਰਿਹਾ ਹੈ। ਇਸ ਦਾ ਵਿਰੋਧ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ‘ਚ ਧਰਮਸੌਤ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ ਗਈ ਹੈ ਤੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਰੋਸ ਮੁਜ਼ਾਹਰੇ ਵੀ ਕੀਤੇ ਜਾ ਰਹੇ ਹਨ। ਇਸੇ ਦਰਮਿਆਨ ਆਪ ਆਗੂਆਂ ਵੱਲੋਂ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਸਵੇਰੇ 11 ਵਜੇ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਵੀ ਫੈਸਲਾ ਲਿਆ ਗਿਆ ਹੈ। ਇਹ ਐਲਾਨ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ : ਦੁਖਦ ਖਬਰ: Milkha Singh ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਰੋਨਾ ਨਾਲ ਹੋਇਆ ਦੇਹਾਂਤ
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਵਾਰ-ਵਾਰ ਵਜ਼ੀਫ਼ਾ ਘੁਟਾਲੇ ਦੇ ਪੈਸੇ ਜਾਰੀ ਕਰਨ ਦੇ ਬਿਆਨ ਤਾਂ ਦਾਗ ਦਿੰਦੀ ਹੈ ਪਰ ਅਸਲ ਵਿੱਚ ਹੁੰਦਾ ਕੁਝ ਨਹੀਂ, ਜਿਸ ਕਾਰਨ ਦਲਿਤ ਵਿਦਿਆਰਥੀ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕੈਬਨਿਟ ਮੰਤਰੀ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਿਨਾਂ ਦਲਿਤ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦਾ ਨਿਆਂ ਮਿਲਣਾ ਨਾਮੁਮਕਿਨ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸਿਰੋਜ ਸ਼ੰਕਰ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ਖੁਲਾਸਾ ਕੀਤਾ ਗਿਆ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਗਰਾਂਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਘੁਟਾਲਾ ਕੀਤਾ ਹੈ ਅਤੇ ਆਪਣੇ ਚਹੇਤਿਆਂ ਦੇ ਦੋ ਕਾਲਜਾਂ ਨੂੰ ਕਰੋੜਾਂ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਹੈ, ਜਦੋਂ ਕਿ ਇਨ੍ਹਾਂ ਕਾਲਜਾਂ ਦਾ ਕੋਈ ਵਾਜ਼ੂਦ ਹੀ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ’ਚ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਰਕਮ ਹੜੱਪਣ ਦੇ ਦੋਸ਼ ਹੇਠ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਲਬ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ‘ਚ ਘੱਟ ਹੋਇਆ ਕੋਰੋਨਾ ਦਾ ਕਹਿਰ, 958 ਨਵੇਂ ਮਾਮਲਿਆਂ ਦੀ ਪੁਸ਼ਟੀ, ਹੋਈਆਂ 49 ਮੌਤਾਂ