ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ‘ਤੇ ਤੁਲਿਆ ਹੋਇਆ ਸੀ। ਆਪਣੇ 1757 ਈ: ਦੇ ਹਿੰਦੁਸਤਾਨ ਦੇ ਹਮਲੇ ਵੇਲੇ ਦਿੱਲੀ ਜਾਂਦਾ ਹੋਇਆ ਕੁਝ ਦੇਰ ਲਈ ਲਾਹੌਰ ਠਹਿਰਿਆ। ਉਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ।
ਇਸ ਹਮਲੇ ਸਮੇਂ ਅੰਮ੍ਰਿਤਸਰ ਸ਼ਹਿਰ ਦੇ ਇੰਚਾਰਜ ਜਮਾਲ ਖਾਨ ਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ, ਪਵਿੱਤਰ ਸਰੋਵਰ ਨੂੰ ਪੂਰ ਦੇਣ ਦੀ ਖ਼ਬਰ ਜਦੋਂ ਬਾਬਾ ਦੀਪ ਸਿੰਘ ਜੀ ਨੂੰ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਅਸਥਾਨ ‘ਤੇ ਪੁੱਜੀ ਤਾਂ ਆਪ ਦੇ ਦਿਲ ‘ਤੇ ਅਸਹਿ ਸੱਟ ਵੱਜੀ। ਆਪ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤ੍ਰਤਾ ਭੰਗ ਕਰਨ ਵਾਲਿਆਂ ਨਾਲ ਟੱਕਰ ਲੈਣ ਦਾ ਫੈਸਲਾ ਕਰ ਲਿਆ। ਆਸ-ਪਾਸ ਦੇ ਨਗਰਾਂ ਤੇ ਟਿਕਾਣਿਆਂ ‘ਤੇ ਇਤਲਾਹ ਦਿੱਤੀ ਗਈ। ਵੱਖ-ਵੱਖ ਨਗਰਾਂ ਤੋਂ ਅਣਗਿਣਤ ਸਿੰਘ ਬਾਬਾ ਜੀ ਦੀ ਅਗਵਾਈ ਵਿੱਚ ਪਾਵਨ ਧਰਮ ਅਸਥਾਨ ਦੀ ਰੱਖਿਆ ਲਈ ਹਾਜ਼ਰ ਹੋਏ। ਇਸ ਤਰ੍ਹਾਂ ਦਲ ਖਾਲਸਾ ਦੀ ਗਿਣਤੀ ਅਣਗਿਣਤ ਹੋ ਗਈ।
ਬਿਆਸ ਦਰਿਆ ਪਾਰ ਕਰਕੇ ਸਿੰਘਾਂ ਦਾ ਜੱਥਾ ਮਾਝੇ ਦੇ ਇਲਾਕੇ ਅੰਦਰ ਦਾਖਲ ਹੋਇਆ। ਤਰਨਤਾਰਨ ਸਾਹਿਬ ਦੇ ਪਾਵਨ ਅਸਥਾਨ ਵਿਖੇ ਪਹੁੰਚ ਕੇ ਸਿੰਘਾਂ ਦੇ ਸਾਰੇ ਸਮੂਹ ਨੇ ਅਰਦਾਸ ਕੀਤੀ। ਇਸ ਸ਼ਹਿਰ ਤੋਂ ਬਾਹਰ ਆ ਕੇ ਬਾਬਾ ਦੀਪ ਸਿੰਘ ਜੀ ਨੇ ਇੱਕ ਲਕੀਰ ਖਿੱਚੀ ਅਤੇ ਕਿਹਾ ਕਿ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹ ਇਸ ਲਕੀਰ ਨੂੰ ਪਾਰ ਕਰੇ, ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ ਉਹ ਵਾਪਸ ਚਲਿਆ ਜਾਵੇ। ਸਾਰੇ ਸਿੰਘ ਜੈਕਾਰੇ ਗਜਾਉਂਦੇ ਹੋਏ ਲਕੀਰ ਪਾਰ ਕਰਕੇ ਅੰਮ੍ਰਿਤਸਰ ਵੱਲ ਵਧਣ ਲੱਗੇ।
ਇਹ ਵੀ ਪੜ੍ਹੋ : ਕਲਗੀਧਰ ਪਾਤਸ਼ਾਹ ਵੱਲੋਂ ਭਾਈ ਜੋਗੇ ਦੀ ਗੁਰੂ ਭਗਤੀ ਦੀ ਪ੍ਰੀਖਿਆ ਲੈਣੀ ਤੇ ਗੁਰਸਿੱਖ ਵੱਲੋਂ ਉਸ ‘ਤੇ ਖਰਾ ਉਤਰਨਾ