gurdaspur murder: ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨਿੱਕੋ ਸਰਾਂ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਖੂਨੀ ਝੜਪ ਝਗੜੇ ਵਿਚ ਇਕ ਚਾਲੀ ਸਾਲਾ ਵਿਅਕਤੀ ਦੇ ਸਿਰ ‘ਤੇ ਸੱਟ ਲੱਗਣ ਕਾਰਨ ਮੌਕੇ ‘ਤੇ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿੰਡ ਦੇ ਬਾਹਰਵਾਰ ਡੇਰੇ ਉਪਰ ਰਹਿੰਦੇ ਹਨ। ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਨਰਿੰਦਰ ਸਿੰਘ ਪੁੱਤਰ ਚੰਨਣ ਸਿੰਘ ਜੋ ਆਪਣੇ ਘਰ ਨਾਲ ਲੱਗਦੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਉਨ੍ਹਾਂ ਦੇ ਘਰ ਦੇ ਨੇੜੇ ਡੇਰੇ ਤੇ ਰਹਿੰਦੇ ਬਲਕਾਰ ਸਿੰਘ ਜਗਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਖੇਤਾਂ ਵਿੱਚ ਕੰਮ ਕਰ ਰਹੇ ਨਰਿੰਦਰ ਸਿੰਘ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸਦੇ ਸਿਰ ਵਿੱਚ ਕਹੀ ਦਾ ਟੱਪ ਮਾਰ ਕੇ ਨਰਿੰਦਰ ਸਿੰਘ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਅਤੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਨਰਿੰਦਰ ਸਿੰਘ ਅਤੇ ਬਲਕਾਰ ਸਿੰਘ ਵਿਚ ਮਾਮੂਲੀ ਤਕਰਾਰ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ ਹੈ ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪੁਲਸ ਪਾਰਟੀ ਨਾਲ ਪਹੁੰਚੇ ਐਸਐਚਓ ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿੱਚ ਦੋ ਧਿਰਾਂ ਦੌਰਾਨ ਝੜਪ ਹੋਈ ਹੈ ਜਿਸ ਵਿੱਚ ਨਰਿੰਦਰ ਸਿੰਘ ਨਾਮਕ ਵਿਅਕਤੀ ਦੀ ਮੌਤ ਹੋਈ ਹੈ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।