Unemployed teachers marched: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 99 ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਰਿਹਾ ਤੇ ਅੱਜ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਲਗਾਤਾਰ ਅੱਠ ਦਿਨ ਭੁੱਖੇ ਪਿਆਸੇ ਰਹਿਣ ਕਾਰਨ ਸੁੰਰਿਦਰਪਾਲ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਸੁਰਿੰਦਰਪਾਲ ਦਾ ਸ਼ੂਗਰ ਲੈਵਲ ਬਹੁਤ ਘੱਟ ਗਿਆ ਹੈ। ਸੁਰਿੰਦਰ ਪਾਲ ਦੀ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਉਸ ਨਾਲ ਕਿਸੇ ਵੀ ਸਮੇਂ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਵਾਪਰ ਸਕਦੀ ਹੈ।
ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਧ ਨੰਗੇ ਹੋ ਕੇ ਪਹਿਲਾਂ ਲੀਲਾ ਚੌਕ ਤੇ ਜਾਮ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਾਈ ਪੀ ਐੱਸ ਚੌਕ ਤੱਕ ਮਾਰਚ ਸ਼ੁਰੂ ਕੀਤਾ ਗਿਆ। ਜਦੋਂ ਬੇਰੁਜ਼ਗਾਰ ਅਧਿਆਪਕ ਮਾਰਚ ਕਰਦੇ ਹੋਏ ਵਾਈਪੀਐਸ ਚੌਕ ਪੁੱਜੇ ਤਾਂ ਪੁਲੀਸ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਬਲਵਿੰਦਰ ਨਾਭਾ ਤੇ ਰਾਜਸੁਖਵਿੰਦਰ ਗੁਰਦਾਸਪੁਰ ਨੇ ਕਿਹਾ ਕਿ ਟਾਵਰ ਤੇ ਬੈਠਾ ਸੁਰਿੰਦਰਪਾਲ ਗੁਰਦਾਸਪੁਰ ਦੀ ਸਰੀਰਕ ਹਾਲਤ ਬਹੁਤ ਹੀ ਨਾਜ਼ੁਕ ਹੋ ਚੁੱਕੀ ਹੈ ਪਰ ਪੰਜਾਬ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੋਈਆ ਹੈ। ਇਸ ਮੌਕੇ ਆਗੂ ਨੇ ਕਿਹਾ ਕਿ ਸੁਰਿੰਦਰਪਾਲ ਨੂੰ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਹੋਵੇਗਾ।