ਉਤਰਾਖੰਡ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਤਰਾਖੰਡ ਸਰਕਾਰ ਨੇ ਚਾਰ ਧਾਮ ਯਾਤਰਾ ਨੂੰ ਤੁਰੰਤ ਪ੍ਰਭਾਵ ਨਾਲ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ ਲਈ ਸਰਕਾਰ ਨੇ ਸੋਧੀ ਹੋਈ SOP ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਆਦੇਸ਼ ਦੇ ਬਾਵਜੂਦ ਉਤਰਾਖੰਡ ਸਰਕਾਰ ਨੇ ਚਾਰਧਾਮ ਯਾਤਰਾ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ।
ਦਰਅਸਲ, ਉਤਰਾਖੰਡ ਹਾਈ ਕੋਰਟ ਨੇ ਚਾਰਧਾਮ ਯਾਤਰਾ ‘ਤੇ 7 ਜੁਲਾਈ ਤੱਕ ਪਾਬੰਦੀ ਲਗਾ ਦਿੱਤੀ ਹੈ। ਹਾਈ ਕੋਰਟ ਨੇ ਸੋਮਵਾਰ ਨੂੰ ਇੱਕ ਸੁਣਵਾਈ ਦੌਰਾਨ ਮੰਤਰੀ ਮੰਡਲ ਦੇ ਫੈਸਲੇ ਨੂੰ ਪਲਟਦੇ ਹੋਏ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ।
ਹਾਈ ਕੋਰਟ ਨੇ ਤੀਰਥ ਸਥਾਨਾਂ ਨਾਲ ਜੁੜੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਤੋਂ ਮੰਦਿਰਾਂ ਵਿੱਚ ਚੱਲ ਰਹੀਆਂ ਰਸਮਾਂ ਅਤੇ ਸਮਾਰੋਹਾਂ ਦਾ ਦੇਸ਼ ਭਰ ਵਿੱਚ ਸਿੱਧਾ ਪ੍ਰਸਾਰਣ ਕਰਨ ਦਾ ਪ੍ਰਬੰਧ ਕਰਨ ਲਈ ਕਿਹਾ ਸੀ ।
ਗੌਰਤਲਬ ਹੈ ਕਿ ਹਾਈ ਕੋਰਟ ਨੇ ਯਾਤਰਾ ਦੌਰਾਨ ਸੈਲਾਨੀਆਂ ਅਤੇ ਸ਼ਰਧਾਲੂਆਂ ਲਈ ਰਾਜ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਤੋਂ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ। ਚੀਫ਼ ਜਸਟਿਸ ਆਰ ਐਸ ਚੌਹਾਨ ਅਤੇ ਜਸਟਿਸ ਆਲੋਕ ਕੁਮਾਰ ਵਰਮਾ ਦੀ ਇਕ ਡਿਵੀਜ਼ਨ ਬੈਂਚ ਨੇ ਰਾਜ ਕੈਬਨਿਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ ਜਿਸ ਵਿੱਚ ਚਮੋਲੀ, ਰੁਦਰਪ੍ਰਯਾਗ ਅਤੇ ਉੱਤਰਕਾਸ਼ੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ 1 ਜੁਲਾਈ ਤੋਂ ਹਿਮਾਲਿਆ ਦੇ ਅਸਥਾਨਾਂ ਦੇ ਦਰਸ਼ਨ ਕਰਨ ਦੀ ਇਜ਼ਾਜ਼ਤ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਭਾਰਤ ਦਾ ਗਲਤ ਨਕਸ਼ਾ ਦਿਖਾ ਫਸਿਆ Twitter ! MD ਮਨੀਸ਼ ਮਾਹੇਸ਼ਵਰੀ ਖਿਲਾਫ਼ ਕੇਸ ਦਰਜ
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਹਾਈ ਕੋਰਟ ਦਾ ਕਹਿਣਾ ਹੈ ਕਿ ਅਜੋਕੇ ਹਾਲਾਤਾਂ ਵਿੱਚ ਕੁਝ ਲੋਕਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਣ ਦੀ ਬਜਾਏ ਕੋਰੋਨਾ ਵਾਇਰਸ ਦੇ ‘ਡੈਲਟਾ ਪਲੱਸ’ ਦੇ ਵੈਰੀਐਂਟ ਤੋਂ ਬਚਾਉਣਾ ਜ਼ਿਆਦਾ ਜ਼ਰੂਰੀ ਹੈ।