ਭਵਾਨੀਗੜ੍ਹ : ਪੰਜਾਬ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੇ ਇੰਦਰ ਸਿੰਗਲਾ ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਐਸਐਸਪੀ ਵਿਵੇਕ ਸ਼ੀਲ ਸੋਨੀ ਅਤੇ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਜੌਲੀਆਂ ਪਿੰਡ ਦਾ ਦੌਰਾ ਕੀਤਾ।
ਵਿਜੇ ਇੰਦਰ ਸਿੰਗਲਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਸੱਚਾਈ ਜਾਣਨ ਤੋਂ ਇਲਾਵਾ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੌਕੇ ‘ਤੇ ਕੈਬਨਿਟ ਮੰਤਰੀ ਨੇ ਐਸਐਸਪੀ ਨੂੰ ਜਲਦੀ ਤੋਂ ਜਲਦੀ ਜਾਂਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਦੋਸ਼ੀ ਔਰਤ ਤੋਂ ਇਲਾਵਾ ਕੋਈ ਹੋਰ ਇਸ ਦੁਖਦਾਈ ਘਟਨਾ ਵਿੱਚ ਸ਼ਾਮਲ ਹੋਇਆ ਹੈ ਤਾਂ ਉਸਨੂੰ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਦੱਸ ਦੇਈਏ ਕਿ ਪਿੰਡ ਜੌਲੀਆਂ ਦੇ ਗੁਰਦੁਆਰਾ ਦੇ ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਪਾਲਕੀ ਸਾਹਿਬ ਅਤੇ ਹੋਰ ਸਤਿਕਾਰਤ ਚੀਜ਼ਾਂ ਨੂੰ ਅਗਨ ਭੇਟ ਕੀਤਾ ਗਿਆ ਸੀ ਅਤੇ ਇਸ ਘਟਨਾ ਤੋਂ ਬਾਅਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਸਰਵ ਵਿਆਪਕਤਾ ਦਾ ਪ੍ਰਤੀਕ ਹਨ ਅਤੇ ਸਾਰੇ ਧਰਮਾਂ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਲਾਭ ਲਈ ਸਮਾਜ ਨੂੰ ਵੰਡਣ ਲਈ ਭਿਆਨਕ ਅਪਰਾਧ ਕਰ ਰਹੇ ਹਨ ਜਿਸਦਾ ਉਦੇਸ਼ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇਸ ਮਾਮਲੇ ਦੀ ਜਾਂਚ ਲਈ ਹਰ ਰੋਜ਼ ਪੁਲਿਸ ਵਿਭਾਗ ਤੋਂ ਤੁਰੰਤ ਰਿਪੋਰਟ ਪ੍ਰਾਪਤ ਕਰ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਘਟਨਾ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਫੜ ਲਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਲਾਲੜੂ ਵਿਖੇ ਖੁਦਕੁਸ਼ੀ ਕਰਨ ਵਾਲੀ ਮਹਿਲਾ ਕਰਮਚਾਰੀ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਕਰੇਗੀ