2022 mission punjab: ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਵੱਲੋਂ ਮਿਸ਼ਨ 2022 ਯੂ ਪੀ ਦੇ ਨਾਲ ਨਾਲ ਪੰਜਾਬ ਕਿਉਂ ਨਹੀਂ ਦਿੱਤੇ ਗਏ ਬਿਆਨ ਤੋਂ ਬਾਅਦ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਗੁਰਨਾਮ ਸਿੰਘ ਚੜੂਨੀ ਦੇ ਇਸ ਬਿਆਨ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਵੀ ਫ਼ੈਸਲਾ ਕੀਤਾ ਜਾਂਦਾ ਹੈ ਉਸਦੇ ਅਨੁਸਾਰ ਹੀ ਕਿਸਾਨ ਅਗਲੀ ਰਣਨੀਤੀ ਬਣਾਉਣਗੇ।
ਪਰ ਕਿਸੇ ਵੀ ਕਿਸਾਨ ਆਗੂ ਨੂੰ ਆਪਣੇ ਤੌਰ ‘ਤੇ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਦਾ ਰਾਜਨੀਤੀ ਨਾਲ ਕੋਈ ਵੀ ਸੰਬੰਧ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਸਾ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 2022 ਚੋਣਾਂ ਦੇ ਵਿੱਚ ਕਿਸਾਨ ਹਿੱਸਾ ਨਹੀਂ ਲੈਣਗੇ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹੀ ਅੰਦੋਲਨ ਚੱਲ ਰਿਹਾ ਹੈ ਨਾ ਕਿ ਕਿਸਾਨ ਰਾਜਨੀਤੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਰੁਲਦੂ ਸਿੰਘ ਮਾਨਸਾ ਨੇ ਕਿਸਾਨ ਨੇਤਾ ਗੁਰਨਾਮ ਸਿੰਘ ਚੰਡੂਨੀ ਦੇ ਬਿਆਨ ਦੀ ਨਿੰਦਾ ਕੀਤੀ ਹੈ ਅਤੇ ਉਥੇ ਹੀ ਉਨ੍ਹਾਂ ਕਿਹਾ ਕਿ ਕਿਸਾਨ ਰਾਜਨੀਤੀ ਦੇ ਵਿਚ ਹਿੱਸਾ ਨਹੀਂ ਲੈਂਦੇ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਵੀ ਸੱਦਾ ਦਿੱਤਾ ਜਾਂਦਾ ਹੈ। ਉਸਦੇ ਅਨੁਸਾਰ ਕਿਸਾਨ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਦੇ ਵਿੱਚ ਕਿਸਾਨ ਜਥੇਬੰਦੀਆਂ ਹਿੱਸਾ ਨਹੀਂ ਲੈਣਗਈਆ ਕਿਉਂਕਿ ਅਸੀਂ ਰਾਜਨੀਤੀ ਕਰਨ ਨਹੀਂ ਆਏ ਸਗੋਂ ਅਸੀਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ। ਉਨ੍ਹਾਂ ਗੁਰਨਾਮ ਸਿੰਘ ਚੰਡੂਨੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਕੋਈ ਗੱਲ ਸੰਯੁਕਤ ਕਿਸਾਨ ਮੋਰਚੇ ਤੋਂ ਵੱਖਰੀ ਨਾ ਕਰੋ ਤਾਂ ਕਿ ਸਾਨੂੰ ਦੁਬਾਰਾ ਆਪਣੀ ਗੱਲ ਦਾ ਖੁਦ ਹੀ ਖੰਡਨ ਕਰਨਾ ਪਵੇ।
ਰੁਲਦੂ ਸਿੰਘ ਮਾਨਸਾ ਨੇ ਇਹ ਵੀ ਕਿਹਾ ਕਿ ਅੱਜ ਦੇਸ਼ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਰਸੋਈ ਗੈਸ ਦੀਆਂ ਕੀਮਤਾਂ ਪੈਟਰੋਲ ਡੀਜ਼ਲ ਅਤੇ ਖਾਣ ਪੀਣ ਦੀਆਂ ਵਸਤਾਂ ਦੇ ਵਿੱਚ ਕਟੌਤੀ ਨਹੀਂ ਕਰਦਾ ਉਦੋਂ ਤੱਕ ਕਿਸਾਨ ਅੰਦੋਲਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸਾਨ ਅੱਜ ਦੋ ਘੰਟੇ ਦੇ ਲਈ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਜਲਦ ਹੀ ਮਹਿੰਗਾਈ ਦੇ ਖਿਲਾਫ ਵੀ ਕਿਸਾਨ ਅੰਦੋਲਨ ਸ਼ੁਰੂ ਕਰਨਗੇ।