gurdaspur stray dogs: ਅਵਾਰਾ ਕੁੱਤਿਆਂ ਦਾ ਕਹਿਰ ਅਕਸਰ ਹੀ ਦੇਖਣ ਨੂੰ ਮਿਲਦਾ ਰਹਿੰਦਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅਵਾਰਾ ਕੁੱਤਿਆਂ ਨੇ ਸਵੇਰੇ ਸਾਰ ਤਿੰਨ ਵਜੇ ਦੇ ਕਰੀਬ ਘਰ ਤੋਂ ਨਿਕਲੇ ਇਕ ਪਰਵਾਸੀ ਮਜ਼ਦੂਰ ਨੂੰ ਆਪਣਾ ਨਿਸ਼ਾਨਾ ਬਣਾ ਲਿਆ। ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਪਰਵਾਸੀ ਮਜ਼ਦੂਰ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਸਾਰੀ ਦਰਦਨਾਕ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਹੱਲਾ ਗੀਤਾ ਭਵਨ ਦੇ ਲੋਕਾਂ ਨੇ ਦੱਸਿਆ ਕਿ ਜਦ ਉਹ ਸਵੇਰ ਸਾਰ ਘਰੋਂ ਬਾਹਰ ਨਿਕਲੇ ਤਾਂ ਗਲੀ ਵਿੱਚ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਪਿਆ ਹੋਇਆ ਸੀ ਜਿਸ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨਾਲ ਨੋਚ ਕੇ ਜ਼ਖਮੀ ਕੀਤਾ ਸੀ। ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਵੱਲੋਂ ਐਂਬੂਲੈਂਸ ਬੁਲਾ ਕੇ ਉਸ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਸਥਾਨਕ ਲੋਕਾਂ ਨੇ ਕਿਹਾ ਕਿ ਇਸ ਮੁਹੱਲੇ ਵਿਚ ਆਵਾਰਾ ਕੁੱਤੇ ਪਹਿਲਾਂ ਵੀ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ। ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਹਿਣ ਦੇ ਬਾਵਜੂਦ ਵੀ ਇਨ੍ਹਾਂ ਕੁੱਤਿਆਂ ਦੇ ਉੱਪਰ ਕੋਈ ਕਾਬੂ ਨਹੀਂ ਪਾਇਆ ਗਿਆ। ਜਿਸ ਕਰਕੇ ਅੱਜ ਇਹ ਦਰਦਨਾਕ ਘਟਨਾ ਵਾਪਰੀ ਹੈ। ਅੱਜ ਲੋਕਾਂ ਨੇ ਫਿਰ ਅਵਾਰਾ ਕੁੱਤਿਆਂ ਨੂੰ ਨੱਥ ਪਾਉਣ ਦੇ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਹੋਰ ਅਜਿਹੀ ਘਟਨਾ ਨਾ ਵਾਪਰੇ।
ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਅਧਿਕਾਰੀ ਅਸ਼ੋਕ ਕੁਮਾਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਜੋ ਘਟਨਾ ਵਾਪਰੀ ਹੈ ਕਾਫ਼ੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਕੌਣ ਸੀ ਅਤੇ ਕੀ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਆਵਾਰਾ ਕੁੱਤਿਆਂ ਨੂੰ ਨੱਥ ਪਾਉਣ ਦੇ ਲਈ ਉਹ ਪਹਿਲਾਂ ਵੀ ਸਰਕਾਰ ਨੂੰ ਲਿਖ ਕੇ ਭੇਜ ਚੁੱਕੇ ਹਨ। ਜਦੋਂ ਵੀ ਉਨ੍ਹਾਂ ਦੇ ਕੋਲ ਇਨ੍ਹਾਂ ਕੁੱਤਿਆਂ ਨੂੰ ਫੜਨ ਦੇ ਲਈ ਫੰਡ ਆ ਜਾਵੇਗਾ ਤਾਂ ਉਹ ਇਨ੍ਹਾਂ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਉਣ ਦੇ ਲਈ ਆਪਣਾ ਕੰਮ ਸ਼ੁਰੂ ਕਰ ਦੇਣਗੇ।