ਪੰਜਾਬ ਕਾਂਗਰਸ ਵਿਵਾਦ ਨੂੰ ਲੈ ਕੇ ਕੇਂਦਰੀ ਲੀਡਰਸ਼ਿਪ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਹਾਈਕਮਾਨ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਵਿਵਾਦ ਵਧਦਾ ਹੀ ਜਾ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਵੀ ਕੀਮਤ ‘ਤੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਨਹੀਂ ਬਣਨ ਦੇਣਾ ਚਾਹੁੰਦੇ। ਇਸ ਦੇ ਨਾਲ ਹੀ ਸਿੱਧੂ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਅਤੇ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਨ ਲਈ ਸਹਿਮਤ ਨਹੀਂ ਹਨ।
ਸਿੱਧੂ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣ ਦੀਆਂ ਖਬਰਾਂ ਤੋਂ ਨਾਰਾਜ਼ ਕੈਪਟਨ ਅਮਰਿੰਦਰ ਨੇ ਵੀਰਵਾਰ ਨੂੰ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਫੋਨ ਕੀਤਾ ਅਤੇ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਕੈਪਟਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਵੀ ਉਨ੍ਹਾਂ ਦੀ ਮਰਜ਼ੀ ਨਾਲ ਹੀ ਬਣੇਗਾ।
ਉਨ੍ਹਾਂ ਸੋਨੀਆ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕਾਂਗਰਸ ਫਿਰ ਤੋਂ ਪੰਜਾਬ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਇਤਿਹਾਸ ਨੂੰ ਦੁਹਰਾਵੇਗੀ। ਜਦੋਂ ਸਿੱਧੂ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਅਤੇ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਾਉਣ ਦੀ ਗੱਲ ਚੱਲੀ ਤਾਂ ਸਿੱਧੂ ਵੀ ਉਸ ਤੋਂ ਬਾਅਦ ਨਾਰਾਜ਼ ਹੋ ਗਏ। ਨਾਰਾਜ਼ ਸਿੱਧੂ ਨੇ ਚੰਡੀਗੜ੍ਹ ਪਹੁੰਚ ਕੇ ਆਪਣੇ ਸਮਰਥਕ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਮਿਲ ਕੇ ਇਕ ਹੋਰ ਰਣਨੀਤੀ ਤਿਆਰ ਕੀਤੀ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰਣਨੀਤੀ ਦੇ ਹਿੱਸੇ ਵਜੋਂ ਸਿੱਧੂ ਇੱਕ-ਦੋ ਦਿਨਾਂ ਵਿੱਚ ਹਾਈਕਮਾਨ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ।
ਸਿੱਧੂ ਵੀਰਵਾਰ ਸ਼ਾਮ 5.30 ਵਜੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਰਕਾਰੀ ਰਿਹਾਇਸ਼ ਪਹੁੰਚੇ। ਕੁਝ ਹੀ ਦੇਰ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਵਿੰਦਰ ਸਿੰਘ ਸਰਕਾਰੀਆ ਵੀ ਉਥੇ ਪਹੁੰਚ ਗਏ। ਹੌਲੀ-ਹੌਲੀ ਸਿੱਧੂ ਧੜੇ ਦੇ ਵਿਧਾਇਕ ਪਰਗਟ ਸਿੰਘ, ਕੁਸ਼ਲਦੀਪ, ਸੁਖਜੀਤ ਸਿੰਘ, ਵਰਿੰਦਰ ਮੀਤ ਸਿੰਘ, ਕੁਲਵੀਰ ਜੀਰਾ ਅਤੇ ਕੁਲਜੀਤ ਸਿੰਘ ਰੰਧਾਵਾ ਦੀ ਸਰਕਾਰੀ ਰਿਹਾਇਸ਼ ਸਰਕਟ ਹਾਊਸ ਪਹੁੰਚ ਗਏ। ਸਿੱਧੂ ਨੇ ਸਹਿਯੋਗੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਰਾਤ 8 ਵਜੇ ਤੱਕ ਰਣਨੀਤੀ ਬਾਰੇ ਵਿਚਾਰ-ਵਟਾਂਦਰੇ ਕੀਤੇ।
ਇਹ ਵੀ ਪੜ੍ਹੋ : ਕੈਪਟਨ ਦੇ ਅਸਤੀਫੇ ਵਾਲੀਆਂ ਖਬਰਾਂ ਸਰਾਸਰ ਗਲਤ- ਰਵੀਨ ਠੁਕਰਾਲ ਨੇ ਕੀਤਾ ਸਪੱਸ਼ਟ
ਸਿਆਸੀ ਧੁਰ ਦੇ ਵਿਰੋਧੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀਆਂ ਖ਼ਬਰਾਂ ਤੋਂ ਕੈਪਟਨ ਅਮਰਿੰਦਰ ਸਿੰਘ ਨਾਰਾਜ਼ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਦੀ ਖ਼ਬਰਾਂ ਮੀਡੀਆ ਵਿੱਚ ਚੱਲਣ ਲੱਗੀਆਂ। ਕੁਝ ਸਮੇਂ ਬਾਅਦ ਕੈਪਟਨ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਕੇ ਉਨ੍ਹਾਂ ਦੇ ਅਸਤੀਫੇ ਦੀ ਖ਼ਬਰ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਲਿਖਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ।