ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪੰਜਵੀਂ ਵਾਰ ਸੰਸਦ ਵਿੱਚ ‘ਕੰਮ ਰੋਕੋ ਮਤਾ’ ਪੇਸ਼ ਕਰਕੇ ਤਿੰਨੋਂ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਹਨ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਤੋਂ ਵੱਖਰੇ ਤੌਰ ‘ਤੇ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਪਹਿਲ ਹੋਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੰਸਦ ਵਿਚ ਉਹ (ਭਗਵੰਤ ਮਾਨ) ਕਾਲੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਮਾਨ ਨੇ ਕਿਹਾ, “ਸੰਗਰੂਰ ਲੋਕ ਸਭਾ ਦੇ ਲੋਕਾਂ ਨੇ ਮੈਨੂੰ ਚੁਣਿਆ ਹੈ ਅਤੇ ਮੈਨੂੰ ਸੰਸਦ ਵਿੱਚ ਭੇਜਿਆ ਹੈ ਤਾਂ ਜੋ ਮੈਂ ਉਨ੍ਹਾਂ ਸਮੇਤ ਪੂਰੇ ਪੰਜਾਬ ਦੇ ਮੁੱਦੇ ਸੰਸਦ ਵਿੱਚ ਉਠਾ ਸਕਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸਰਕਾਰ ਦੇ ਕੰਨਾਂ ਤੱਕ ਪਹੁੰਚ ਸਕਣ।
ਇਹ ਵੀ ਪੜ੍ਹੋ : ਟਾਂਡਾ ‘ਚ ਬੇਕਾਬੂ ਕਾਰ ਤੇ ਸਕੂਟਰੀ ਦੀ ਜ਼ਬਰਦਸਤ ਟੱਕਰ, ਮਾਂ-ਧੀ ਦੀ ਹੋਈ ਮੌਤ
‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਮੌਸਮ ਜਿਵੇਂ ਮਰਜ਼ੀ ਦਾ ਰਿਹਾ ਹੋਵੇ, ਪਰ ਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਅਤੇ ਇਸ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਭਾਜਪਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ ਅਤੇ ਕਿਸਾਨੀ ਅੰਦੋਲਨ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਸੰਸਦ ਵਿਚ ਸਿਰਫ ਕਾਲੇ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਬਾਰੇ ਵਿਚਾਰ-ਵਟਾਂਦਰੇ ਹੋਣੇ ਚਾਹੀਦੇ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣੀਆਂ ਚਾਹੀਦੀਆਂ ਹਨ।