ਫਰੀਦਕੋਟ: ਬੇਅਦਬੀ ਮਾਮਲੇ ਵਿੱਚ ਕਾਰਵਾਈ ਕਰ ਰਹੀ ਐਸਆਈਟੀ ਨੂੰ ਅੱਜ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਐਸਆਈਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਵਿੱਚੋਂ ਅੱਜ ਦੋ ਹੋਰ ਡੇਰਾ ਪ੍ਰੇਮੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ। ਇਸ ਨਾਲ 6 ਡੇਰਾ ਪ੍ਰੇਮੀਆਂ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਦੱਸ ਦੇਈਏ ਕਿ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਪੰਨਿਆਂ ਦੀ ਬੇਅਦਬੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਨੰਬਰ 128 ਵਿੱਚ ਜ਼ਮਾਨਤ ਮਿਲ ਗਈ ਹੈ।
ਇਸ ਤੋਂ ਪਹਿਲਾਂ 4 ਡੇਰਾ ਪ੍ਰੇਮੀਆਂ ਨੂੰ ਕੁਝ ਦਿਨ ਪਹਿਲਾਂ ਜ਼ਿਲ੍ਹਾ ਅਦਾਲਤ ਤੋਂ 117 ਅਤੇ 128 ਨੰਬਰ ਐਫਆਈਆਰ ਵਿੱਚ ਜ਼ਮਾਨਤ ਮਿਲੀ ਸੀ।ਦੂਜੇ ਪਾਸੇ, ਅੱਜ ਦੋ ਪ੍ਰੇਮੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ, ਕੱਲ੍ਹ ਸਾਰੇ 6 ਡੇਰਾ ਪ੍ਰੇਮੀ ਜ਼ਮਾਨਤ ‘ਤੇ ਬਾਹਰ ਆ ਸਕਦੇ ਹਨ। ਗ੍ਰਿਫਤਾਰ ਕੀਤੇ ਡੇਰਾ ਪ੍ਰੇਮੀਆਂ ਵਿੱਚ ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਅਤੇ ਅੱਜ ਨਿਸ਼ਾਨ ਸਿੰਘ ਅਤੇ ਪਰਦੀਪ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ।
ਦੱਸ ਦੇਈਏ ਕਿ 1 ਜੂਨ, 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ‘ਬੀੜ’ ਚੋਰੀ ਕੀਤੀ ਗਈ ਸੀ। 12 ਅਕਤੂਬਰ, 2015 ਨੂੰ, ਇਸ ‘ਬੀੜ’ ਦੇ ਫਟੇ ਹੋਏ ਅੰਗ ਲਾਗੇ ਬਰਗਾੜੀ ਪਿੰਡ ਦੇ ਗੁਰਦੁਆਰੇ ਦੇ ਸਾਹਮਣੇ ਖਿਲਰੇ ਹੋਏ ਸਨ। ਇੱਥੇ ਭਾਰੀ ਵਿਰੋਧ ਪ੍ਰਦਰਸ਼ਨ ਹੋਏ ਜਿਸ ਵਿੱਚ ਬਹਿਬਲ ਕਲਾਂ ਵਿਖੇ ਦੋ ਸਿੱਖ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਉਸ ਤੋਂ ਬਾਅਦ ਬੁਰਜ ਜਵਾਹਰ ਸਿੰਘ ਵਾਲਾ ਵਿਖੇ 16 ਜੂਨ, 2016 ਨੂੰ ਡੇਰਾ ਪੈਰੋਕਾਰ ਦੀ ਹੱਤਿਆ ਕੀਤੀ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹਏ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਸਾਬਕਾ DGP ਸੈਣੀ ਨੂੰ ਵੱਡੀ ਰਾਹਤ, ਕੋਟਕਪੂਰਾ ਮਾਮਲੇ ‘ਚ ਮਿਲੀ ਜ਼ਮਾਨਤ