ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਦੀ ਥਾਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਨੂੰ ਰਾਜਧਾਨੀ ਸ਼ਹਿਰ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਇਕ ਹੋਰ ਕੋਸ਼ਿਸ਼ ਕਰਾਰ ਦਿੱਤਾ ਤੇ ਕਿਹਾ ਕਿ ਅਸੀਂ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਇਸਨੂੰ ਜਿੰਨੀ ਛੇਤੀ ਸੰਭਵ ਹੋ ਸਕੇ ਪੰਜਾਬ ਨੂੰ ਤਬਦੀਲ ਕੀਤਾ ਜਾਣਾ ਚਾਹੀਦਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਅਫਸਰਾਂ ਦੀ ਤਾਇਨਾਤੀ ਲਈ 60:40 ਅਨੁਪਾਤ ਦੀ ਪਾਲਣਾ ਨਹੀਂ ਕਰ ਰਹੀ ਜਿਸ ਤਹਿਤ ਬਹੁ ਗਿਣਤੀ ਅਫਸਰ ਪੰਜਾਬ ਤੋਂ ਲਾਏ ਜਾਣੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪੰਜਾਬ ਦੀ ਸਰਵਿਸ ਵਾਲੇ ਅਫਸਰਾਂ ਦੀ ਗਿਣਤੀ ਘਟਾਉਣ ਵਾਸਤੇ ਵੱਖਰੇ ਕੇਡਰ ਬਣਾਏ ਜਾ ਰਹੇ ਹਨ ਅਤੇ ਹੁਣ 60:40 ਅਨੁਪਾਤ ਦੀ ਉਲੰਘਣਾ ਕਰਦਿਆਂ ਏ ਜੀ ਐਮ ਸੂ ਟੀ ਅਫਸਰਾਂ ਨੂੰ ਮੁੱਖ ਅਹੁਦਿਆਂ ‘ਤੇ ਤਾਇਨਾਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਅਨੁਸਾਰ ਪੰਜਾਬ ਨਾਲ ਹੋ ਰਹੀਆਂ ਗਲਤੀਆਂ ਨੂੰ ਸੁਧਾਰਨ ਦੀ ਬਜਾਏ ਚੰਡੀਗੜ੍ਹ ਦੇ ਮਾਮਲੇ ਵਿੱਚ ਪੰਜਾਬ ਦੀ ਭੂਮਿਕਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਐਨਡੀਏ ਸਰਕਾਰ ਪੰਜਾਬ ਵਿਰੋਧੀ ਕਦਮ ਨੂੰ ਲਾਗੂ ਕਰਨ ਦੀ ਤਜਵੀਜ਼ ਦੇ ਕੇ ਕਾਂਗਰਸ ਸਰਕਾਰ ਦੇ ਰਾਹ ‘ਤੇ ਚੱਲ ਰਹੀ ਹੈ, ਜੋ ਕਿ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਵੀ ਹੈ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਤੋਂ ਪਹਿਲਾਂ 2016 ਵਿੱਚ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਨਵਾਂ ਪ੍ਰਸ਼ਾਸਕ ਨਿਯੁਕਤ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ।
ਜਦੋਂ ਤੱਕ ਮਾਮਲਾ ਹੱਲ ਨਹੀਂ ਹੋ ਜਾਂਦਾ ਅਸੀਂ ਇੱਕ ਜਨ ਅੰਦੋਲਨ ਚਲਾਵਾਂਗੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਚਿਤ ਤਰੀਕੇ ਨਾਲ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਪੰਜਾਬ ਦੀ ਕੇਂਦਰ ਸਰਕਾਰ ਵਿਰੋਧੀ ਨੂੰ ਕੋਈ ਫੈਸਲਾ ਨਹੀਂ ਲੈਣਾ ਚਾਹੀਦਾ। ਅਸੀਂ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬੀਆਂ ਦੀਆਂ ਭਾਵਨਾਵਾਂ ਬਾਰੇ ਕੇਂਦਰ ਸਰਕਾਰ ਨੂੰ ਜਾਣੂ ਕਰਵਾਉਣ ਲਈ ਪੰਜਾਬ ਤੋਂ ਆਲ ਪਾਰਟੀ ਵਫ਼ਦ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਨ ਲਈ ਤਿਆਰ ਹਾਂ।
ਜੇਕਰ ਮੁੱਖ ਮੰਤਰੀ ਨੇ ਕੋਈ ਪਹਿਲ ਨਹੀਂ ਕੀਤੀ ਤਾਂ ਅਕਾਲੀ ਦਲ ਪ੍ਰਧਾਨ ਮੰਤਰੀ ਕੋਲ ਜਾ ਕੇ ਪ੍ਰਸਤਾਵ ਨੂੰ ਲਾਗੂ ਨਾ ਕਰਨ ਦੀ ਮੰਗ ਕਰੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਪਹਿਲਾ ਅਧਿਕਾਰ ਹੈ। ਭਾਵੇਂ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੋ ਸਕਦਾ ਹੈ, ਪਰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜਾਬ ਦੇ ਹਿੱਸੇ ਨੂੰ ਕਿਸੇ ਨਾ ਕਿਸੇ ਬਹਾਨੇ ਕਮਜ਼ੋਰ ਕਰਨ ਦੀ ਕੋਸ਼ਿਸ਼ ਸਹੀ ਨਹੀਂ ਹੈ।
ਇਹ ਵੀ ਪੜ੍ਹੋ : ਨਸ਼ਿਆਂ ਨੇ ਤਬਾਹ ਕੀਤੀ ਇੱਕ ਹੋਰ ਜ਼ਿੰਦਗੀ, ਓਵਰਡੋਜ਼ ਨਾਲ ਲੁਧਿਆਣਾ ਦੇ ਫੈਕਟਰੀ ਮਾਲਕ ਦੀ ਹੋਈ ਮੌਤ