ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 10.56 ਕਰੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ‘ਤੇ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋਂ ਸਾਲ 2021-22 ਦੇ ਬਜਟ ਵਿੱਚ 300 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਸ. ਰੰਧਾਵਾ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਕਰੀਬ 10.56 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।
ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਕਰਨਾਲ ਦੇ ਸਹਿਯੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 20 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਅੱਸੂ-ਕੱਤਕ ਦੀ ਬਿਜਾਈ ਦੌਰਾਨ ਬੀਜ ਵੱਜੋਂ ਦਿੱਤੇ ਜਾਣਗੇ।
ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਯੋਜਨਾ ਤਹਿਤ ਕਲਾਨੌਰ ਵਿਖੇ ਗੁਰੂ ਨਾਨਕ ਦੇਵ ਸ਼ੂਗਰ ਕੇਨ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਲੱਗਭੱਗ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਨੂੰ ਗੰਨਾ ਕਾਸ਼ਤਕਾਰਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸੜਕਾਂ ਦੇ ਨਾਂ ਰੱਖੇ ਜਾਣਗੇ ਓਲੰਪਿਕ ਤਮਗਾ ਜੇਤੂਆਂ ਦੇ ਨਾਵਾਂ ‘ਤੇ- ਸਿੱਖਿਆ ਮੰਤਰੀ ਦਾ ਐਲਾਨ
ਉਨ੍ਹਾਂ ਇਹ ਵੀ ਦੱਸਿਆ ਕਿ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਨਿੱਜੀ ਭਾਈਵਾਲੀ ਅਧੀਨ 30 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਬਾਇਓ ਸੀ.ਐਨ.ਜੀ. ਪ੍ਰਾਜੈਕਟ ਦਾ ਕੰਮ ਸਬੰਧਤ ਪਾਰਟੀ ਵੱਲੋਂ ਅੱਜ ਭੂਮੀ ਪੂਜਨ ਉਪਰੰਤ ਸ਼ੁਰੂ ਕੀਤਾ ਜਾ ਰਿਹਾ ਹੈ ਜਦੋਂ ਕਿ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਵੀ ਇਸੇ ਤਰ੍ਹਾਂ ਲਗਾਏ ਜਾ ਰਹੇ ਬਾਇਓ ਸੀ.ਐਨ.ਜੀ. ਪ੍ਰਾਜੈਕਟ ਦਾ ਕੰਮ ਇਸੇ ਮਹੀਨੇ ਸ਼ੁਰੂ ਕਰ ਦਿੱਤਾ ਜਾਵੇਗਾ।