ਚੰਡੀਗੜ੍ਹ : ਅੱਜ ਆਜ਼ਾਦੀ ਦਿਹਾੜੇ ਤੋਂ ਬਾਅਦ ਯੂਟੀ ਚੰਡੀਗੜ੍ਹ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਸੋਮਵਾਰ ਮਤਲਬ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਵੱਲੋਂ ਇਸ ਬਾਰੇ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਦੱਸਣਯੋਗ ਹੈ ਕਿ 75ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਸਿਟੀ ਬਿਊਟੀਫਿਲ ਸਮੇਤ ਕਈ ਵਿਦਿਅਕ ਸੰਸਥਾਵਾਂ ਵਿੱਚ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਆਯੋਜਿਤ ਕੀਤੇ ਗਏ। ਸ਼ਹਿਰ ਦੇ ਸਕੂਲਾਂ, ਕਾਲਜਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਤਿਰੰਗਾ ਲਹਿਰਾਇਆ ਗਿਆ। ਸਵੇਰੇ 8 ਵਜੇ ਤੋਂ ਤਿਰੰਗਾ ਲਹਿਰਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।
ਸ਼ਹਿਰ ਦੇ ਕਈ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਦੇਸ਼ ਭਗਤੀ ‘ਤੇ ਆਧਾਰਿਤ ਗੀਤਾਂ ਅਤੇ ਦੇਸ਼ ਭਗਤੀ ਨਾਲ ਸਬੰਧਤ ਨਾਟਕਾਂ ਦਾ ਮੰਚਨ ਕੀਤਾ ਗਿਆ।
ਇਹ ਵੀ ਪੜ੍ਹੋ : ਵਿਦਿਆਰਥੀ ਧਿਆਨ ਦੇਣ : ਗੁਰਦਾਸਪੁਰ ‘ਚ DC ਵੱਲੋਂ ਭਲਕੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ
ਹਾਲਾਂਕਿ, ਚੰਡੀਗੜ੍ਹ ਵਿੱਚ ਸੁਤੰਤਰਤਾ ਦਿਵਸ ‘ਤੇ ਮੁੱਖ ਪ੍ਰੋਗਰਾਮ ਸੈਕਟਰ -17 ਦੇ ਪਰੇਡ ਗਰਾਊਂਡ ਵਿੱਚ ਆਯੋਜਿਤ ਕੀਤਾ ਗਿਆ ਸੀ। ਜਿੱਥੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਝੰਡਾ ਲਹਿਰਾਇਆ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਗ੍ਰਹਿ ਸਕੱਤਰ ਅਰੁਣ ਕੁਮਾਰ ਗੁਪਤਾ, ਡੀਸੀ ਮਨਦੀਪ ਸਿੰਘ ਬਰਾੜ, ਡੀਜੀਪੀ ਸੰਜੇ ਬੈਨੀਵਾਲ, ਐਸਐਸਪੀ ਕੁਲਦੀਪ ਸਿੰਘ ਚਾਹਲ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।