ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕੇਂਦਰ ਵੱਲੋ ਪਾਸ ਕੀਤੇ ਗਏ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ਦਾ ਬਚਾਅ ਕੀਤਾ ਅਤੇ ਇਸਦੇ ਨਾਲ ਹੀ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ ਜੇਕਰ ਉਨ੍ਹਾਂ ਨੂੰ ਲਗਦਾ ਹੈ ਕਿ ਕਾਨੂੰਨਾਂ ਦੀ ਕੋਈ ਧਾਰਾ ਉਨ੍ਹਾਂ ਦੇ ਹਿੱਤਾਂ ਦੇ ਵਿਰੁੱਧ ਹੈ।
ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਸਮਝਣ ‘ਤੇ ਜ਼ੋਰ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ “ਵਿਰੋਧ ਦਾ ਮਾਹੌਲ” ਬਣਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪੱਕੇ ਮੋਰਚੇ ਲਗਾ ਕੇ ਬੈਠੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਮੰਡੀ ਅਤੇ ਘੱਟੋ -ਘੱਟ ਸਮਰਥਨ ਮੁੱਲ (ਐਮਐਸਪੀ) ਖਰੀਦ ਪ੍ਰਣਾਲੀ ਨੂੰ ਤਬਾਹ ਕਰ ਦੇਣਗੇ ਅਤੇ ਉਨ੍ਹਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਰਹਿਮ ‘ਤੇ ਛੱਡ ਦੇਣਗੇ।
ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਅਧੀਨ ਰਾਜ ਪੱਧਰੀ ਅੰਨਪੂਰਣਾ ਪ੍ਰੋਗਰਾਮ ਲਈ ਵੀਰਵਾਰ ਨੂੰ ਆਨਲਾਈਨ ਮਾਧਿਅਮ ਰਾਹੀਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਭਲਾਈ ਲਈ ਕਦਮ ਚੁੱਕਣ ਲਈ ਨਰਿੰਦਰ ਮੋਦੀ ਸਰਕਾਰ ਦੀ ਪ੍ਰਸ਼ੰਸਾ ਕੀਤੀ ਹੈ। ਰੱਖਿਆ ਮੰਤਰੀ ਨੇ ਕਿਹਾ, “ਜੇ ਕਿਸੇ ਨੂੰ ਲਗਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕੋਈ ਅਜਿਹੀ ਧਾਰਾ ਹੈ ਜੋ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ, ਤਾਂ ਮੈਂ ਪੂਰੇ ਵਿਸ਼ਵਾਸ ਨਾਲ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਬੈਠ ਕੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।”
ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਸੁਤੰਤਰਤਾ ਦਿਵਸ ਦੀ ਰੈਲੀ ਵਿੱਚ ਮੱਚੀ ਹਫੜਾ ਦਫੜੀ, ਤਾਲਿਬਾਨ ਦੀ ਗੋਲੀਬਾਰੀ ਵਿੱਚ ਕਈ ਲੋਕਾਂ ਦੀ ਮੌਤ
ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਘੱਟੋ -ਘੱਟ ਸਮਰਥਨ ਮੁੱਲ ਵਿੱਚ ਡੇਢ ਗੁਣਾ ਵਾਧਾ ਕੀਤਾ ਗਿਆ ਹੈ ਅਤੇ ਛੋਟੇ ਕਿਸਾਨਾਂ ਨੂੰ ਸਸਤੇ ਕਰਜ਼ੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.50 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਦਿੱਤੀ ਗਈ ਹੈ। ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਰਾਜਨਾਥ ਸਿੰਘ ਨੇ ਕਿਹਾ, “ਇਹ ਸਾਰੇ ਕਦਮ ਸਾਡੇ ਕਿਸਾਨ ਭਰਾਵਾਂ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਗਏ ਸਨ।”
ਇਹ ਵੀ ਦੇਖੋ : ਦੁਕਾਨਦਾਰਾਂ ਦੇ ਚਹਿਰੇ ‘ਤੇ ਪਰਤੀ ਰੋਣਕ, ਭਰਾਵਾਂ ਲਈ ਰੱਖੜੀ ਲੈਣ ਪਹੁੰਚੀਆਂ ਬਜ਼ਾਰਾਂ ‘ਚ ਭੈਣਾਂ..