ਗੁਰੂ ਹਰਸਹਾਏ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰੂਹਰਸਹਾਏ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਖੇਤ ਵਿੱਚ ਚਾਹ ਪੀਤੀ। ਉਨ੍ਹਾਂ ਨੇ ਗੁਰੂਹਰਸਹਾਏ ਵਿੱਚ ਕਿਸਾਨ ਭਰਾਵਾਂ ਦੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਨਮਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਸ ਹਲਕੇ ਵਿਚ 11 ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਇਸ ਸੀਟ ਤੋਂ ਵਰਦੇਵ ਸਿੰਘ ਮਾਨ ਨੂੰ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ ਤੇ ਕਿਹਾ ਕਿ ਕਾਂਗਰਸ ਨੇ ਪੰਜਾਬੀਆਂ ਦੇ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਗੈਂਗਸਟਰ ਸੱਭਿਆਚਾਰ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਵਪਾਰ ਤੇ ਉਦਯੋਗ ਨਿਰੰਤਰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਕਿਉਂਕਿ ਇਸਦੇ ਪ੍ਰਤੀਨਿਧਾਂ ਨੂੰ ਲਗਾਤਾਰ ਫਿਰੌਤੀਆਂ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਪੱਸ਼ਟ ਹੈ ਕਿ ਕਾਂਗਰਸੀ ਵਿਧਾਇਕ ਗੈਂਗਸਟਰਾਂ ਨਾਲ ਰਲੇ ਹੋਏ ਹਨ।
ਸ. ਬਾਦਲ ਨੇ ਕਿਹਾ ਕਿ ਗੁਰੂ ਹਰਸਹਾਏ ਵਿਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅਜਿਹੇ ਅਨਸਰਾਂ ਦੀ ਪੁਸ਼ਤ ਪਨਾਹੀ ਕਰਨ ਵਾਲਾ ਗੁੰਡਾਗਰਦੀ ਸਿਖ਼ਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ਡਕੈਤੀਆਂ ਤੇ ਫਿਰੌਤੀਆਂ ਰੋਜ਼ਾਨਾ ਦਾ ਕੰਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਐਸਐਚਓ ਤੇ ਡੀਐਸਪੀ ਸਿੱਧਾ ਮੰਤਰੀ ਤੋਂ ਹੁਕਮ ਲੈਂਦੇ ਹਨ ਤੇ ਮੰਤਰੀ ਅਕਾਲੀ ਵਰਕਰਾਂ ਨੂੰ ਡਰਾਉਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਅਸੀਂ ਇਸ ਗੈਂਗਸਟਰ ਸੱਭਿਆਚਾਰ ਦਾ ਖ਼ਾਤਮਾ ਕਰਾਂਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮਾੜੇ ਅਨਸਰਾਂ ਨੂੰ ਸਜ਼ਾ ਦਿੱਤੀ ਜਾਵੇਗੀ ਤੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਹਲਕੇ ਵਿਚ ਸਿੰਜਾਈ ਨੈਟਵਰਕ ਦੀ ਸਮਰੱਥਾ ਵਿਚ ਵਾਧਾ ਕਰੇਗੀ । ਉਨ੍ਹਾਂ ਕਿਹਾ ਕਿ ਅਸੀਂ ਨਿਜਾਮਾ ਨਹਿਰ ਦੀ ਮਾਈਨਿੰਗ ਨਵੇਂ ਸਿਰੇ ਤੋਂ ਕਰਾਵਾਂਗੇ ਤੇ ਕਾਹਨ ਸਿੰਘ ਵਾਲਾ ਤੇ ਚੱਕ ਸੈਦੋਕੋ ਸੂਏ ਦੀ ਸਮਰੱਥਾ ਵੀ ਵਧਾਵਾਂਗੇ।
ਇਸ ਤੋਂ ਪਹਿਲਾਂ ਲੋਕਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਨਹਿਰਾਂ ਤੇ ਸੂਇਆਂ ਦੀ ਹਾਲਤ ਮਾੜੀ ਹੋਣ ਕਾਰਨ ਸਿੰਜਾਈ ਵਾਸਤੇ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ।
ਸ. ਬਾਦਲ ਨੇ ਸਥਾਨਕ ਬਾਰ ਐਸੋਸੀਏਸ਼ਨ ਦੇ ਨਾਲ-ਨਾਲ ਗੁਰੂਹਰਸਹਾਏ ਦੇ ਵਸਨੀਕਾਂ ਨਾਲ ਵੀ ਮੀਟਿੰਗਾਂ ਕੀਤੀਆਂ। ਵਕੀਲਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਲਾਕੇ ਨੂੰ ਮਜ਼ਬੂਤ ਕੀਤਾ ਜਾਵੇ ਤੇ ਇਸ ਵਿਚ ਵਾਧਾ ਕਰਦਿਆਂ ਸਬ-ਡਵੀਜ਼ਨ ਪੱਧਰ ’ਤੇ ਵਕੀਲਾਂ ਦੀ ਭਲਾਈ ਲਈ ਫੰਡ ਦੀ ਸਿਰਜਣਾ ਕੀਤੀ ਜਾਵੇ।
ਸਰਦਾਰ ਬਾਦਲ ਨੇ ਚੱਕ ਮਹਾਤਨਵਾਲਾ ਵਿਖੇ ਆਪਣੀ ਗੱਡੀ ਰੋਕ ਕੇ ਕੁਝ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾ ਨੇ ਉਨ੍ਹਾਂ ਨੁੰ ਦੱਸਿਆ ਕਿ ਉਹ ਮੌਜੂਦਾ ਝੋਨੇ ਦੇ ਸੀਜ਼ਨ ਵਿਚ ਬਿਜਲੀ ਸਪਲਾਈ ਦੀ ਘਾਟ ਕਾਰਨ ਆਪਣੇ ਜਨਰੇਟਰ ਵਰਤ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਟਰਾਂਸਪੋਰਟ ਖਰਾਬ ਹੋ ਜਾਣ ’ਤੇ ਸਰਕਾਰ ਨੇ ਉਨ੍ਹਾਂ ਨੁੰ ਉਨ੍ਹਾਂ ਦੇ ਆਪਣੇ ਹਾਲ ’ਤੇ ਛੱਡ ਦਿੱਤਾ ਸੀ। ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਸਮਾਜ ਭਲਾਈ ਸਕੀਮਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਤੇ ਬੁਢਾਪਾ ਪੈਨਸ਼ਨ ਤੇ ਆਟਾ-ਦਾਲ ਸਕੀਮ ਦੇ ਅਣਗਿਣਤ ਕਾਰਡ ਮਨਮਰਜ਼ੀ ਨਾਲ ਰੱਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਿੱਤੀ ਗੰਨੇ ਦੀਆਂ ਕੀਮਤਾਂ ‘ਚ ਵਾਧੇ ਨੂੰ ਪ੍ਰਵਾਨਗੀ
ਸ. ਬਾਦਲ ਨੇ ਸ਼ਹਿਰ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਦੱਸਿਆ ਕਿ ਸਾਰੇ ਸ਼ਹਿਰ ਵਿਚ ਸੜਕਾਂ ਦਾ ਹਾਲ ਮਾੜਾ ਹੈ ਕਿਉਂਕਿ ਇਥੇ ਸੀਵਰੇਜ ਪ੍ਰਾਜੈਕਟ ਮੁਕੰਮਲ ਹੀ ਨਹੀਂ ਕੀਤਾ ਗਿਆ। ਸਰਦਾਰ ਬਾਦਲ ਨੇ ਵਸਨੀਕਾਂ ਨੂੰ ਦੱਸਿਆ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਸੀਵਰੇਜ ਤੇ ਸੜਕ ਪ੍ਰਾਜੈਕਟ ਇਕ ਚੰਗੀ ਕੰਪਨੀ ਨੂੰ ਬਣਾਓ ਤੇ ਚਲਾਓ ਆਧਾਰ ’ਤੇ 15 ਸਾਲ ਦੇ ਠੇਕੇ ’ਤੇ ਦਿੱਤਾ ਸੀ ਪਰ ਕਾਂਗਰਸ ਸਰਕਾਰ ਨੇ ਠੇਕੇਦਾਰ ਬਦਲ ਦਿੱਤੇ ਤੇ ਆਪਣੇ ਕਰੀਬੀਆਂ ਨੁੰ ਠੇਕਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਕਾਰ ਦੇ ਸਾਢੇ ਚਾਰ ਸਾਲ ਲੰਘ ਗਏ ਹਨ ਤਾਂ ਉਦੋਂ ਵੀ ਪ੍ਰਾਜੈਕਟ ਮੁਕੰਮਲ ਹੋਣ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਕ ਸਾਲ ਦੇ ਅੰਦਰ-ਅੰਦਰ ਪ੍ਰਾਜੈਕਟ ਮੁਕੰਮਲ ਕੀਤਾ ਜਾਵੇਗਾ।