ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਆਪਣਾ ਬਹੁਮਤ ਸਾਬਤ ਕਰਨ ਦੀ ਚੁਣੌਤੀ ਦਿੱਤੀ। ਵਫ਼ਦ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਜੈ ਸਿੰਘ ਰੋਡੀ ਦੇ ਨਾਲ ਜਗਤਾਰ ਸਿੰਘ ਸੰਘੇੜਾ ਅਤੇ ਮਾਲਵਿੰਦਰ ਸਿੰਘ ਸ਼ਾਮਲ ਸਨ।
ਇਹ ਦਾਅਵਾ ਕਰਦਿਆਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਘੱਟ ਗਿਣਤੀ ਵਿੱਚ ਹੈ, ਚੀਮਾ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਬਹੁਮਤ ਸਾਬਤ ਕਰਨ ਲਈ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਸੱਤ ਦਿਨਾਂ ਵਿੱਚ ਆਪਣਾ ਬਹੁਮਤ ਸਾਬਤ ਨਹੀਂ ਕਰਦੇ ਤਾਂ ਮੌਜੂਦਾ ਸਰਕਾਰ ਨੂੰ ਤੁਰੰਤ ਭੰਗ ਕਰ ਦੇਣਾ ਚਾਹੀਦਾ ਹੈ।
ਚੀਮਾ ਨੇ ਕਿਹਾ ਕਿ ਜੇਕਰ ਬਾਗੀ ਕਾਂਗਰਸੀ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਦੇਹਰਾਦੂਨ ਜਾਂ ਦਿੱਲੀ ਜਾਣ ਦੀ ਜ਼ਰੂਰਤ ਨਹੀਂ ਹੈ, ਉਹ ਰਾਜਧਾਨੀ ਵਿੱਚ ਰਾਜ ਭਵਨ ਜਾ ਕੇ ਹੀ ਪੰਜਾਬ ਨੂੰ ਬਚਾ ਸਕਦੇ ਹਨ। ਇਸਦੇ ਲਈ ਉਨ੍ਹਾਂ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣਾ ਪਵੇਗਾ ਅਤੇ ਵਿਧਾਨ ਸਭਾ ਵਿੱਚ ਕੈਪਟਨ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਲਿਆਉਣਾ ਹੋਵੇਗਾ।
ਚੀਮਾ ਨੇ ਕਿਹਾ ਕਿ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਨੇ ਪੰਜਾਬ ਨੂੰ ਬਚਾਉਣ ਦੇ ਨਾਂ ‘ਤੇ ਆਪਣੇ ਹੀ ਮੁੱਖ ਮੰਤਰੀ ਵਿਰੁੱਧ ਬਗਾਵਤ ਕੀਤੀ, ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹਨ ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਜਾਂ ਪੰਜਾਬ ਅਤੇ ਪੰਜਾਬੀਆਂ ਦੇ ਨਾਲ, ਕਿਉਂਕਿ ਹਰੀਸ਼ ਰਾਵਤ ਨੇ ਸਪੱਸ਼ਟ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ ਅਤੇ 2022 ਦੀਆਂ ਚੋਣਾਂ ਵੀ ਕੈਪਟਨ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਸਿਆਸਤ ਦੇ ਬਦਲਦੇ ਰੰਗ- ਕੈਪਟਨ ਪਹੁੰਚੇ ਸਾਬਕਾ CM ਬੀਬੀ ਭੱਠਲ ਦੇ ਘਰ
ਜੈ ਸਿੰਘ ਰੋਡੀ ਨੇ ਪੁੱਛਿਆ ਕਿ ਕੀ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਸਵੀਕਾਰ ਹੈ? ਜੇ ਉਨ੍ਹਾਂ ਨੂੰ ਕੈਪਟਨ ਹੀ ਮਨਜ਼ੂਰ ਹੈ ਤਾਂ ਤਾਂ ਇਹ ਸਪੱਸ਼ਟ ਹੈ ਕਿ ਉਹ ਸਿਰਫ ਕੁਰਸੀ ਲਈ ਲੜ ਰਹੇ ਹਨ। ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਵਿਧਾਇਕਾਂ ਅਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਅਤੇ ਸਮਰਥਨ ਗੁਆ ਦਿੱਤਾ ਹੈ ਅਤੇ ਉਹ ਹੁਣ ਮੁੱਖ ਮੰਤਰੀ ਵਜੋਂ ਜਾਰੀ ਰੱਖਣ ਦੇ ਯੋਗ ਨਹੀਂ ਹਨ।