ਕਰਨਾਟਕ ਦੇ ਬੈਂਗਲੌਰ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ । ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਆਡੀ ਕਾਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਜਿਸ ਕਾਰਨ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਜਾ ਕੇ ਮੌਤ ਹੋ ਗਈ ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਤੇ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ 7 ਸਤੰਬਰ ਨੂੰ ਹਲਕਾ ਗੜ੍ਹਸ਼ੰਕਰ ਪਹੁੰਚਣਗੇ
ਦਰਅਸਲ, ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ । ਕਾਰ ਵਿੱਚ ਸਵਾਰ ਲੋਕਾਂ ਵਿੱਚ ਤਿੰਨ ਮਹਿਲਾਵਾਂ ਅਤੇ ਚਾਰ ਪੁਰਸ਼ ਸਨ । ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰਿਆਂ ਦੀ ਉਮਰ 20-30 ਸਾਲ ਦੇ ਵਿਚਾਲੇ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।
ਦੱਸ ਦੇਈਏ ਕਿ ਕੋਰਮੰਗਲਾ ਵਿੱਚ ਦੇਰ ਰਾਤ ਵਾਪਰੇ ਭਿਆਨਕ ਹਾਦਸੇ ਸਬੰਧੀ ਜੁਆਇੰਟ ਕਮਿਸ਼ਨਰ (ਟ੍ਰੈਫਿਕ) ਡਾ: ਬੀਆਰ ਰਵੀਚੰਤਗੌੜਾ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ 1.45 ਤੋਂ 2 ਵਜੇ ਦੇ ਵਿਚਕਾਰ ਵਾਪਰੀ । ਇਸ ਹਾਦਸੇ ਵਿੱਚ ਕਾਰ ਸਵਾਰ ਸਾਰੇ 7 ਲੋਕਾਂ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਦੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਮੌਤ ਹੋ ਗਈ। ਕਮਿਸ਼ਨਰ ਨੇ ਕਿਹਾ ਕਿ ਕਾਰ ਕਿੱਥੋਂ ਆ ਰਹੀ ਸੀ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ।