ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੁਝ ਦੇਸ਼ ਅਜਿਹੇ ਹਨ, ਜਿੱਥੇ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੇ ਦਸਤਕ ਦੇ ਦਿੱਤੀ ਹੈ। ਇਨ੍ਹਾਂ ਦੇਸ਼ਾਂ ਵਿੱਚ ਆਸਟ੍ਰੇਲੀਆ ਵੀ ਸ਼ਾਮਿਲ ਹੈ, ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ।
ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੇ ਸਰਕਾਰ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਦਰਅਸਲ, ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਆਸਟ੍ਰੇਲੀਆ ਦੀ ਰਾਜਧਾਨੀ ਵਿੱਚ ਲਾਕਡਾਊਨ ਨੂੰ ਦੋ ਹਫ਼ਤਿਆਂ ਲਈ ਵਧਾ ਦਿੱਤਾ ਗਿਆ ਹੈ।
ਇਸ ਸਬੰਧੀ ਮੰਗਲਵਾਰ ਯਾਨੀ ਕਿ ਅੱਜ ਸਵੇਰੇ ਆਸਟ੍ਰੇਲੀਆ ਵਿੱਚ ਕੋਵਿਡ-19 ਦੇ 1,253 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 1,164 ਆਸਟ੍ਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਨਿਊ ਸਾਊਥ ਵੇਲਜ਼ ਦੇ ਹਨ।
ਦੱਸ ਦੇਈਏ ਕਿ ਆਸਟ੍ਰੇਲੀਆ ਸਥਿਤ ਕੈਨਬਰਾ ਦੀ ਸਖ਼ਤ ਤਾਲਾਬੰਦੀ ਵੀਰਵਾਰ ਨੂੰ ਖ਼ਤਮ ਹੋਣ ਵਾਲੀ ਸੀ, ਪਰ ਏ.ਸੀ.ਟੀ. ਦੇ ਮੁੱਖ ਮੰਤਰੀ ਐਂਡਰਿਊ ਬਾਰ ਨੇ ਐਲਾਨ ਕਰਦਿਆਂ ਕਿਹਾ ਕਿ ਇਹ ਹੁਣ 17 ਸਤੰਬਰ ਨੂੰ ਖ਼ਤਮ ਹੋ ਜਾਵੇਗੀ। ਉਨ੍ਹਾਂ ਨੇ ਵਿਸਤ੍ਰਿਤ ਪਾਬੰਦੀਆਂ ਦੇ ਤਹਿਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਵਿੱਚ ਹੀ ਰਹਿਣ ਅਤੇ ਆਪਣੇ ਘਰਾਂ ਤੋਂ ਬਾਹਰ ਦੂਜਿਆਂ ਨਾਲ ਨੇੜਲੇ ਸੰਪਰਕ ਨੂੰ ਘਟਾਉਣ ਤਾਂ ਜੋ ਵਾਇਰਸ ਦੇ ਸੰਚਾਰ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ।