ਸੁਪਰੀਮ ਕੋਰਟ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੱਜਣ ਕੁਮਾਰ ਨੇ ਮੈਡੀਕਲ ਕਾਰਨਾਂ ਕਰਕੇ ਅੰਤਰਿਮ ਜ਼ਮਾਨਤ ਮੰਗੀ ਸੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਇਹ ਫੈਸਲਾ ਉਨ੍ਹਾਂ ਦੀ ਸਥਿਰ ਸਿਹਤ ਅਤੇ ਲਗਾਤਾਰ ਸੁਧਾਰ ਦਿਖਾਉਣ ਕਾਰਨ ਦਿੱਤਾ ਹੈ। ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਸ਼ਿਕੇਸ਼ ਰਾਏ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਨਾਲ ਸੁਪਰ ਵੀਆਈਪੀ ਵਰਗਾ ਸਲੂਕ ਨਹੀਂ ਕੀਤਾ ਜਾ ਸਕਦਾ।
ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਖਰਾਬ ਹੈ। ਅਜਿਹੀ ਸਥਿਤੀ ਵਿੱਚ, ਉਹ ਆਪਣੇ ਖਰਚੇ ਤੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਕਰਵਾਉਣਾ ਚਾਹੁੰਦਾ ਹੈ। ਇਸ ‘ਤੇ ਅਦਾਲਤ ਨੇ ਕਿਹਾ ਕਿ ਉਸ ਨੂੰ ਸੁਪਰ ਵੀਆਈਪੀ ਵਰਗਾ ਇਲਾਜ ਨਹੀਂ ਦਿੱਤਾ ਜਾ ਸਕਦਾ। ਅਸੀਂ ਉਨ੍ਹਾਂ ਨੂੰ ਜ਼ਮਾਨਤ ਨਹੀਂ ਦੇ ਸਕਦੇ। ਇਸ ਤੋਂ ਪਹਿਲਾਂ ਅਦਾਲਤ ਨੇ 24 ਅਗਸਤ ਨੂੰ ਸੁਣਵਾਈ ਕਰਦੇ ਹੋਏ ਸੀਬੀਆਈ ਨੂੰ ਹੁਕਮ ਦਿੱਤਾ ਸੀ ਕਿ ਉਹ ਸਪੱਸ਼ਟ ਕਰੇ ਕਿ ਸੱਜਣ ਕੁਮਾਰ ਦੀ ਹਾਲਤ ਕਿਵੇਂ ਹੈ ਅਤੇ ਕੀ ਉਨ੍ਹਾਂ ਦਾ ਬਾਹਰ ਇਲਾਜ ਕੀਤਾ ਜਾਣਾ ਚਾਹੀਦਾ ਹੈ।
ਸੁਪਰੀਮ ਕੋਰਟ ਵਿੱਚ, 1984 ਦੇ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੇ ਇੱਕ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਸਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਅਜਿਹੀ ਸਥਿਤੀ ਵਿੱਚ ਉਸ ਨੂੰ ਇਲਾਜ ਲਈ ਤੁਰੰਤ ਅੰਤਰਿਮ ਜ਼ਮਾਨਤ ਦੀ ਲੋੜ ਹੈ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਦੰਗਿਆਂ ਦੌਰਾਨ ਦਿੱਲੀ ਦੇ ਰਾਜ ਨਗਰ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਆਪਣੀ ਅਰਜ਼ੀ ਵਿੱਚ 75 ਸਾਲਾ ਸੱਜਣ ਕੁਮਾਰ ਨੇ ਕਿਹਾ ਸੀ ਕਿ ਉਹ ਦਸੰਬਰ 2018 ਤੋਂ ਜੇਲ੍ਹ ਵਿੱਚ ਹੈ ਅਤੇ ਇਸ ਸਮੇਂ ਦੌਰਾਨ ਉਸ ਦਾ ਭਾਰ ਪਹਿਲਾਂ ਹੀ 8 ਤੋਂ 10 ਕਿਲੋ ਘੱਟ ਹੋ ਗਿਆ ਹੈ।
ਇਹ ਵੀ ਪੜ੍ਹੋ : ਜ਼ਮਾਨਤ ਲੈ 51 ਤਸਕਰ ਹੋਏ ਲਾਪਤਾ, ਹੁਣ ਜਾਗੀ ਪੁਲਿਸ, ਇੱਕ ਹੀ ਦਿਨ ਵਿੱਚ ਦਰਜ ਕੀਤੇ ਕੇਸ