ਚੰਡੀਗੜ੍ਹ : ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ 32 ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ, ਉਨ੍ਹਾਂ ਟਵੀਟ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਇੱਕ ਸਕਾਰਾਤਮਕ ਮੀਟਿੰਗ ਹੋਈ ਅਤੇ ਇਸ ਦੌਰਾਨ ਹੋਰ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ : ਰੋਡਵੇਜ਼ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਰੇੜਕਾ ਅਜੇ ਵੀ ਬਰਕਰਾਰ, CM ਦੇ ਸਿਸਵਾਂ ਫਾਰਮ ਦਾ ਅੱਜ ਕਰਨਗੇ ਘੇਰਾਓ
ਇਸ ਅਦਾਲਤ ਵਿੱਚ ਹਰੇਕ ਜੱਥੇਬੰਦੀ ਦਾ ਇੱਕ ਕਿਸਾਨ ਆਗੂ ਸ਼ਾਮਿਲ ਹੋਵੇਗਾ।ਸੰਯੁਕਤ ਕਿਸਾਨ ਮੋਰਚੇ ਦੇ ਵੱਲੋ ਇਸ ਕਿਸਾਨ ਕਚਹਿਰੀ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਕਰਨਾਲ ਅਤੇ ਪੰਜਾਬ ਦੇ ਮੋਗਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਆਗੂ ਸਿਆਸੀ ਪਾਰਟੀਆਂ ਤੋਂ ਨਾਰਾਜ਼ ਹਨ।
ਹਾਲਾਂਕਿ ਸਿਆਸੀ ਪਾਰਟੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਇਸ ਕਚਹਿਰੀ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਨਹੀਂ ਬੁਲਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੇ ਭਾਈਵਾਲਾਂ ਨੂੰ ਵੀ ਸੱਦਾ ਨਹੀਂ ਦਿੱਤਾ ਗਿਆ ਹੈ। ਹੋਰ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦੇ ਨੁਮਾਇੰਦੇ ਇਸ ਅਦਾਲਤ ਵਿੱਚ ਸ਼ਾਮਿਲ ਹੋਣਗੇ।
ਕਿਸਾਨ ਜਥੇਬੰਦੀਆਂ ਦੀ ਪਹਿਲੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਨਾਲ ਹੋਈ। ਪਾਰਟੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ ਇੰਦਰ ਗਰੇਵਾਲ ਨੇ ਆਪਣੀ ਪਾਰਟੀ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਟਕਰਾਅ ਨਹੀਂ ਚਾਹੁੰਦੀ, ਪਰ 2022 ਦੀਆਂ ਚੋਣਾਂ ਵਿੱਚ ਜਾਣ ਲਈ ਲੋਕਾਂ ਦੀ ਰਾਏ ਲੈਣੀ ਜ਼ਰੂਰੀ ਹੈ, ਇਸ ਲਈ ਪਾਰਟੀ ਨੇ ਸੌ ਦਿਨਾਂ ਵਿੱਚ 100 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਬਣਾਇਆ ਹੈ।
ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਤੋਂ ਪ੍ਰਗਟ ਸਿੰਘ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ। ਸਿੱਧੂ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੈ। ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਵਿੱਚ ਕਾਂਗਰਸ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ।