ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਅਸਤੀਫੇ ਤੋਂ ਬਾਅਦ ਪੰਜਾਬ ਵਿਚ ਪ੍ਰਸ਼ਾਸਨਿਕ ਫੇਰਬਦਲ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਇਹ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਅਸਤੀਫੇ ਆ ਸਕਦੇ ਹਨ। ਇਸ ਦੇ ਨਾਲ ਹੀ ਕੈਪਟਨ ਦੇ ਨਜ਼ਦੀਕੀ ਡੀਸੀ ਅਤੇ ਐਸਐਸਪੀ ਨੂੰ ਵੀ ਬਦਲਿਆ ਜਾ ਸਕਦਾ ਹੈ। ਕੈਪਟਨ ਦੇ ਮੀਡੀਆ ਅਡਵਾਈਜ਼ਰ ਰਵੀਨ ਠੁਕਰਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਠੁਕਰਾਲ ਨੇ ਕਿਹਾ ਕਿ ਉਹ ਨਿੱਜੀ ਸਮਰੱਥਾ ਮੁਤਾਬਕ ਇੱਕ ਦੋਸਤ ਵਾਂਗ ਕੈਪਟਨ ਨਾਲ ਕੰਮ ਕਰਨਾ ਜਾਰੀ ਰੱਖਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਸੰਦੀਪ ਸੰਧੂ, ਜੋਕਿ ਕੈਪਟਨ ਦੇ ਸਿਆਸੀ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਮੁੱਖ ਮੰਤਰੀ ਪੰਜਾਬ ਦੇ ਬੇਹੱਦ ਕਰੀਬੀਆਂ ਵਿੱਚੋਂ ਮੰਨੇ ਜਾਂਦੇ ਹਨ ਅਤੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣਾ ਚਾਰਜ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ CM ਬਣ ਸਕਦੇ ਹਨ ਸੁਨੀਲ ਜਾਖੜ, 2 ਡਿਪਟੀ CM ਬਣਾਉਣ ਦੀ ਹੋ ਰਹੀ ਹੈ ਚਰਚਾ
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਅਤੇ ਆਪਣੇ ਮੰਤਰੀ ਮੰਡਲ ਦਾ ਅਸਤੀਫਾ ਸੌਂਪ ਦਿੱਤਾ। ਅਸਤੀਫਾ ਦੇਣ ਪਿੱਛੋਂ ਕੈਪਟਨ ਨੇ ਕਿਹਾ ਕਿ ਤੀਜੀ ਵਾਰ ਮੇਰੇ ਖਿਲਾਫ ਬਗਾਵਤ ਹੋਈ ਹੈ। ਮੈਂ ਇਸ ‘ਤੇ ਬਹੁਤ ਬੇਇਜ਼ਤ ਮਹਿਸੂਸ ਕਰ ਰਿਹਾ ਹਾਂ, ਜਿਸ ਕਰਕੇ ਮੈਂ ਇਹ ਫੈਸਲਾ ਲਿਆ ਹੈ ਤੇ ਆਪਣੇ ਸਮਰਥਕ ਮੰਤਰੀਆਂ ਸਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਕੈਪਟਨ ਨੇ ਮੀਡੀਆ ਅੱਗੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਖੁਦ ਆਪਣੇ ਸਮਰਥਕ ਵਿਧਾਇਕਾਂ ਨੂੰ ਸੀਐਲਪੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਵਿਧਾਇਕਾਂ ਦੀ ਮੌਜੂਦਗੀ ਦਾ ਮਤਲਬ ਇਹ ਨਹੀਂ ਕਿ ਉਹ ਸਿੱਧੂ ਦਾ ਸਮਰਥਨ ਕਰ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਸਵੇਰੇ 11 ਵਜੇ ਹੋਵੇਗੀ ਬੈਠਕ, ਹੋ ਸਕਦਾ CM ਚਿਹਰੇ ਦਾ ਐਲਾਨ