ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਲਾਈਆਂ ਜਾ ਰਹੀਆਂ ਕਿਆਸ ਅਰਾਈਆਂ ਦਾ ਅੰਤ ਹੋ ਗਿਆ ਹੈ। ਕਾਂਗਰਸ ਹਾਈਕਮਾਨ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਦਾ ਰਸਮੀ ਐਲਾਨ ਕੀਤਾ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਲੀਡਰਸ਼ਿਪ ਲਈ ਚਰਨਜੀਤ ਸਿੰਘ ਚੰਨੀ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਵਸੰਮਤੀ ਨਾਲ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਦਾ ਨਾਂ ਮੁੱਖ ਮੰਤਰੀ ਲਈ ਸਾਹਮਣੇ ਆ ਰਿਹਾ ਸੀ।
ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਤੇ ਉਦਯੋਗ ਸਿਖਲਾਈ ਦੇ ਮੰਤਰੀ ਹਨ ਅਤੇ ਚਮਕੌਰ ਸਾਹਿਬ ਹਲਕੇ ਤੋਂ ਵਿਧਾਇਕ ਹਨ। ਉਥੇ ਹੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹਨ।
ਸੂਤਰਾਂ ਦੇ ਹਵਾਲੇ ਨਾਲ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਵਿੱਚ ਵਨ ਪਲੱਸ 2 ਫਾਰਮੂਲੇ ਦੀ ਵਰਤੋਂ ਕਰਦਿਆਂ ਮੁੱਖ ਮੰਤਰੀ ਦੇ ਨਾਲ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ। ਇੱਕ ਦਲਿਤ ਅਤੇ ਦੂਸਰਾ ਹਿੰਦੂ ਹੋਵੇਗਾ। ਦਲਿਤ ਕੋਟੇ ਤੋਂ ਅਰੁਣਾ ਚੌਧਰੀ ਅਤੇ ਹਿੰਦੂ ਚਿਹਰੇ ਲਈ ਭਾਰਤ ਭੂਸ਼ਣ ਆਸ਼ੂ ਦਾ ਨੂੰ ਡਿਪਟੀ ਸੀਐਮ ਬਣਾਇਆ ਹੈ। ਹਾਲਾਂਕਿ ਕਾਂਗਰਸ ਹਾਈਕਮਾਨ ਨੇ ਇਸ ਬਾਰੇ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ।
ਇਹ ਵੀ ਪੜ੍ਹੋ : ਕੈਪਟਨ ਖੇਮੇ ਦੇ ਆਗੂ ਮਨੀਸ਼ ਤਿਵਾੜੀ ਨੇ ਟਵੀਟ ਕਰ ਲਿਖਿਆ ‘This Was the Congress’
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਨੀਲ ਜਾਖੜ ਦੇ ਨਾਂ ਨੂੰ ਲੈ ਕੇ ਬਹੁਤ ਚਰਚਾ ਹੋਈ, ਹਾਲਾਂਕਿ ਕੁਝ ਕਾਂਗਰਸੀ ਆਗੂ ਸਿਫਾਰਿਸ਼ ਕਰ ਰਹੇ ਸਨ ਕਿ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਦੀ ਕੁਰਸੀ ਦਿੱਤੀ ਜਾਵੇ। ਸੂਤਰਾਂ ਮੁਤਾਬਕ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦੇ ਅਹੁਦੇ ਲਈ ਵੀ ਦੌੜੇ ਪਰ ਉਹ ਜਿੱਤੇ ਨਹੀਂ। ਸਿੱਧੂ ਨੇ ਖੁਦ ਹਾਈਕਮਾਨ ਤੋਂ ਮੁੱਖ ਮੰਤਰੀ ਦੇ ਅਹੁਦੇ ਦੀ ਮੰਗ ਕੀਤੀ ਸੀ। ਸਿੱਧੂ ਨੇ ਹਾਈਕਮਾਨ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਅਖੀਰ ‘ਚ ਸਸਪੈਂਸ ਨੂੰ ਖਤਮ ਕਰਦੇ ਹੋਏ ਕਾਂਗਰਸ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ।