ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਫਿਲੌਰ ਕਸਬੇ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ: ਬੀ ਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਦੋਸ਼ੀ ਦੀ ਪਛਾਣ ਮੱਧ ਪ੍ਰਦੇਸ਼ ਦੇ ਹੁਸਨ ਨਿਜਰਾ ਦੇ ਜਵਾਨੀਆ ਪਿੰਡ ਦੇ ਵਾਸੀ ਭੀਕੂ ਮੀਨਾ (25) ਵਜੋਂ ਹੋਈ ਹੈ। ਭੀਖੂ ਮੀਨਾ ਨੇ ਪੱਥਰ ਤੇ ਗਮਲਾ ਸੁੱਟ ਕੇ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।
ਘਟਨਾ ਬਾਰੇ ਜਾਣੂ ਕਰਵਾਉਂਦਿਆਂ ਮੁੱਖ ਮੰਤਰੀ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ ਜਿਸਨੇ ਉਨ੍ਹਾਂ ਲੋਕਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਕਿਸਮ ਦੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸ. ਚੰਨੀ ਨੇ ਬਿਨਾਂ ਸ਼ੱਕ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿੱਚ ਸਖਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਨਿਰਦੇਸ਼ ਦੇ ਚੁੱਕੇ ਹਨ ਕਿ ਉਹ ਸੂਬੇ ਦੇ ਹਰ ਕੋਨੇ ਵਿੱਚ ਨਿਗਰਾਨੀ ਵਧਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਸੂਬੇ ਵਿੱਚ ਸਥਿਤੀ ਹਮੇਸ਼ਾ ਸੰਵੇਦਨਸ਼ੀਲ ਬਣੀ ਰਹਿੰਦੀ ਹੈ ਪਰ ਪੰਜਾਬ ਸਰਕਾਰ ਇਸ ਨਾਲ ਨਜਿੱਠਣ ਅਤੇ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਨਾਪਾਕ ਮਨਸੂਬਿਆਂ ਨੂੰ ਕੁਚਲਣ ਲਈ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਵਿੱਚ ਅਮਨ -ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : CM ਚੰਨੀ ਕੈਬਨਿਟ ਸਾਥੀਆਂ ਸਣੇ ਦਿੱਲੀ ਲਈ ਰਵਾਨਾ- ਹਾਈਕਮਾਨ ਨਾਲ ਮੰਤਰੀ ਮੰਡਲ ਦੇ ਵਿਸਥਾਰ ‘ਤੇ ਕਰਨਗੇ ਚਰਚਾ
ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਨੂੰ ਸਭ ਤੋਂ ਸ਼ਾਂਤਮਈ ਅਤੇ ਭਾਈਚਾਰਕ ਤੌਰ ‘ਤੇ ਸਦਭਾਵਨਾ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮਜ਼ਬੂਤਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ।