ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕੀਤੀ ਕਿ ਉਹ ਤਲਵੰਡੀ ਸਾਬੋ ਬਲਾਕ ਵਿਚ ਗੁਲਾਬੀ ਸੁੰਡੀ ਦੇ ਗੰਭੀਰ ਹਮਲੇ ਨਾਲ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਹੁਕਮ ਦੇਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ੇਖੂ, ਮੀਰਜੀਆਣਾ, ਜੱਜਾਲ, ਨੱਥੇਹਾ ਤੇ ਮਲਕਾਣਾ ਪਿੰਡ ਦੇ ਸੈਂਕੜੇ ਕਿਸਾਨਾਂ ਨੇ ਗੁਲਾਬੀ ਸੁੰਡੀ ਦੇ ਹਮਲੇ ਨੁੰ ਰੋਕਣ ਵਿਚ ਨਾਕਾਮ ਰਹਿਣ ’ਤੇ ਆਪਣੀ ਫਸਲ ਵਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸੂਬੇ ਦੇ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਕੀਟਨਾਸ਼ਕ ਛਿੜਕੇ ਪਰ ਇਸਦਾ ਕੋਈ ਅਸਰ ਨਹੀਂ ਪਿਆ ਤੇ ਉਨ੍ਹਾਂ ਨੂੰ ਆਪਣੀ ਖੜ੍ਹੀ ਫਸਲ ਵਾਹੁਣ ਲਈ ਮਜਬੂਰ ਹੋਣਾ ਪਿਆ ਹੈ।
ਬੀਬਾ ਬਾਦਲ ਨੇ ਕਿਹਾ ਕਿ ਪਹਿਲਾਂ ਸਮੁੱਚੀ ਤਲਵੰਡੀ ਸਾਬੋ ਪੱਟੀ ਤੇ ਨਾਲ ਲੱਗਦੇ ਗੁਆਂਢੀ ਇਲਾਕਿਆਂ ਵਿਚ ਮਾੜੇ ਮੌਸਮ ਕਾਰਨ ਨਰਮੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਸੀ। ਉਨ੍ਹਾਂ ਕਿਹਾ ਕਿ ਹੁਣ ਕਈ ਪਿੰਡਾਂ ਵਿਚ ਖੜ੍ਹੀ ਫਸਲ ਪ੍ਰਭਾਵਤ ਹੋਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕਿਸਾਨਾਂ ਨੁੰ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਲਈ 10 ਹਜ਼ਾਰ ਰੁਪਏ ਪ੍ਰਤੀ ਏਕੜ ਕੀਟਨਾਸ਼ਕਾਂ ’ਤੇ ਖਰਚਣ ਦੇ ਬਾਵਜੂਦ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਨਰਮਾ ਕਿਸਾਨਾਂ ਦੀ ਹਾਲਾਤ ਬਾਰੇ ਮੀਡੀਆ ਵਿਚ ਵਿਆਪਕ ਕਵਰੇਜ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਨਾ ਤਾਂ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤੇ ਨਾ ਹੀ ਪ੍ਰਭਾਵਤ ਕਿਸਾਨਾਂ ਨੁੰ ਕੋਈ ਰਾਹਤ ਦਿੱਤੀ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਗਿਰਦਾਵਰੀ ਦੇ ਹੁਕਮ ਦੇਣ ਦੇ ਨਾਲ ਨਾਲ ਪ੍ਰਭਾਵਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਅੰਤਰਿਮ ਰਾਹ ਵਜੋਂ ਜਾਰੀ ਕਰਨ ਦੇ ਹੁਕਮ ਦੇਣ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਦੇਹ ਵਪਾਰ ਦੇ ਅੱਡੇ ‘ਤੇ ਪੁਲਿਸ ਦਾ ਛਾਪਾ, ਮਕਾਨ ਮਾਲਕ ਸਣੇ 4 ਲੋਕ ਗ੍ਰਿਫਤਾਰ