ਪ੍ਰਧਾਨ ਮੰਤਰੀ ਮੋਦੀ ਆਪਣੀ ਅਮਰੀਕਾ ਯਾਤਰਾ ਖਤਮ ਹੋਣ ਤੋਂ ਬਾਅਦ ਐਤਵਾਰ ਯਾਨੀ ਕਿ ਅੱਜ ਭਾਰਤ ਆ ਗਏ ਹਨ। ਉਹ ਸ਼ਨੀਵਾਰ ਨੂੰ ਭਾਰਤ ਲਈ ਰਵਾਨਾ ਹੋਏ ਸਨ। ਉਨ੍ਹਾਂ ਦਾ ਵਿਸ਼ੇਸ਼ ਜਹਾਜ਼ ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਉਤਰਿਆ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਣੇ ਕਈ ਭਾਜਪਾ ਆਗੂਆਂ ਨੇ ਵੀ ਪੀਐੱਮ ਮੋਦੀ ਦਾ ਸਵਾਗਤ ਕੀਤਾ । ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਅਮਰੀਕਾ ਦੌਰੇ ਨੂੰ ਲੈ ਕੇ ਵਿਸ਼ਵਾਸ ਜਤਾਇਆ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਭਾਰਤ-ਅਮਰੀਕਾ ਸੰਬੰਧ ਹੋਰ ਵੀ ਮਜ਼ਬੂਤ ਹੋਣਗੇ। ਤਿੰਨ ਦਿਨਾਂ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ 76ਵੇਂ ਸੈਸ਼ਨ ਨੂੰ ਸੰਬੋਧਿਤ ਕੀਤਾ ।
ਇਸ ਤੋਂ ਪਹਿਲਾਂ ਕੁਆਡ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ । ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ, ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਨਾਲ ਮੁਲਾਕਾਤ ਕੀਤੀ।
ਦੱਸ ਦੇਈਏ ਕਿ ਭਾਰਤ ਵਾਪਸੀ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਸੀ ਉਨ੍ਹਾਂ ਨੇ ਅਮਰੀਕਾ ‘ਚ ਪਿਛਲੇ ਕੁਝ ਦਿਨਾਂ ਵਿੱਚ ਦੋ ਪੱਖੀ ਤੇ ਬਹੁ-ਪੱਖੀ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਜੋ ਕਾਫ਼ੀ ਫਲਦਾਇਕ ਰਿਹਾ। ਮੈਨੂੰ ਪੂਰਾ ਭਰੋਸਾ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਭਾਰਤ-ਅਮਰੀਕਾ ਸਬੰਧ ਹੋਰ ਵੀ ਮਜ਼ਬੂਤ ਹੋਣਗੇ।
ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਪੰਜ ਕੰਪਨੀਆਂ ਦੇ ਅਮਰੀਕੀ CEO ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੇਸ਼ ਵਿੱਚ ਨਿਵੇਸ਼ ਲਈ ਸੱਦਾ ਦਿੱਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿਦਮ ਬਾਗਚੀ ਨੇ ਪੀਐੱਮ ਮੋਦੀ ਦੀ ਅਮਰੀਕੀ ਯਾਤਰਾ ਨੂੰ ਇਤਿਹਾਸਿਕ ਕਰਾਰ ਦਿੱਤਾ।