ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸਦੇ ਮੱਦੇਨਜ਼ਰ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸੇ ਵਿਚਾਲੇ ਕਿਸਾਨਾਂ ਵੱਲੋਂ ਪਟਿਆਲਾ ਵਿੱਚ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ, ਪਰ ਇਸ ਪ੍ਰਦਰਸ਼ਨ ਦੌਰਾਨ ਇਥੋਂ ਇੱਕ ਵਿਲੱਖਣ ਤਸਵੀਰ ਸਾਹਮਣੇ ਆਈ।
ਦਰਅਸਲ, ਕਿਸਾਨਾਂ ਵੱਲੋਂ ਪਟਿਆਲਾ ਦੇ ਪਿੰਡ ਦੌੜ ਕਲਾਂ ਵਿੱਚ ਟ੍ਰੇਨ ਰੋਕ ਕੇ ਟ੍ਰੇਨ ਵਿੱਚ ਸਵਾਰ ਯਾਤਰੀਆਂ ਨੂੰ ਲੰਗਰ ਛਕਾਇਆ ਗਿਆ। ਇਸ ਸਬੰਧੀ ਕੁਝ ਤਸਵੀਰਾਂ ਵੀ ਸਾਹਮਣੇ ਆਇਆਂ ਹਨ, ਜਿਸ ਵਿੱਚ ਕਿਸਾਨਾਂ ਵੱਲੋਂ ਯਾਤਰੀਆਂ ਨੂੰ ਚਾਹ ਦੇ ਨਾਲ ਰੋਟੀ ਦਾ ਲੰਗਰ ਵੀ ਛਕਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਭਾਰਤ ਬੰਦ : ਪੰਜਾਬ ਵਿੱਚ ਕਿਸਾਨਾਂ ਦੀ ਹੜਤਾਲ ਸ਼ੁਰੂ, ਖੰਨਾ ਵਿੱਚ ਕੌਮੀ ਮਾਰਗ ‘ਤੇ ਲੱਗੇ ਟੈਂਟ
ਇਸ ਬਾਰੇ ਯਾਤਰੀਆਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦਾ ਸਮਰਥਨ ਕਰਦੇ ਹਾਂ ਤੇ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੀ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਹਾਂ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫ਼ਾਇਰ ਬ੍ਰਿਗੇਡ, ਹਸਪਤਾਲ ਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਗਈ ਹੈ ।