ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਜਿਨ੍ਹਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ, ਕਿ ਉਹ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਲ ਹੋਣ।
ਮਾਰਚ ਬਾਰੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਵਰਕਰ ਕੱਲ੍ਹ ਸਵੇਰੇ ਮੋਹਾਲੀ ਵਿਚ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਣਗੇ ਅਤੇ ਉਥੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮਕਸਦ ਸੂਬੇ ਦੇ 19 ਜ਼ਿਲ੍ਹਿਆਂ ਦੇ ਦੋ ਲੱਖ ਕਿਸਾਨਾਂ ਨਾਲ ਹੋ ਰਹੇ ਅਨਿਆਂ ਨੂੰ ਉਜਾਗਰ ਕਰਨਾ ਹੈ ਜਿਹਨਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ-ਵੱਖ ਪ੍ਰਾਜੈਕਟਾਂ ਲਈ ਉਨ੍ਹਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Big Breaking : ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫਾ
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਪ੍ਰਦੇਸ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਹੈ ਜੋ ਪ੍ਰਭਾਵਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲਹਿਰ ਦੀ ਅਗਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਹੈ ਜਿਨ੍ਹਾਂ ਦੀ ਜ਼ਮੀਨ ਬਹੁਤ ਹੀ ਘੱਟ ਕੀਮਤ ’ਤੇ ਐਕਵਾਇਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਇਹ ਪੱਕੀ ਰਾਇ ਹੈ ਕਿ ਇਸ ਮਾਮਲੇ ਵਾਸਤੇ ਕੋਈ ਹੱਦ ਨਹੀਂ ਹੈ ਤੇ ਪਾਰਟੀ ਕਿਸਾਨਾਂ ਲਈ ਉਨ੍ਹਾਂ ਦੀਆਂ ਜ਼ਮੀਨਾਂ ਵਾਸਤੇ ਢੁਕਵੀਂ ਕੀਮਤ ਲੈਣ ਵਾਸਤੇ ਸੂਬੇ ਵਿਚ ਸੰਘਰਸ਼ ਵਿੱਢੇਗੀ ਤੇ ਉਸੇ ਤਰੀਕੇ ਜ਼ਮੀਨਾਂ ਦਾ ਭਾਅ ਲੈ ਕੇ ਦੇਵੇਗੀ ਜਿਸ ਤਰੀਕੇ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਦਿੱਤਾ ਗਿਆ ਸੀ।
ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਾਵੇਂ ਸੰਘਰਸ਼ ਕਮੇਟੀ ਪਿਛਲੇ ਇਕ ਸਾਲ ਤੋਂ ਸਹੀ ਕੀਮਤ ਹਾਸਲ ਕਰਨ ਵਾਸਤੇ ਸੰਘਰਸ਼ ਕਰ ਰਹੀ ਹੈ ਪਰ ਕਾਂਗਰਸ ਸਰਕਾਰ ਨੇ ਜ਼ਮੀਨ ਦੀ ਕੀਮਤ ਦੀ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨ ਮਲਟੀਪਲਾਇਰ ਫੈਕਟਰ, 100 ਫੀਸਦੀ ਸੋਲੇਸ਼ੀਅਮ ਤੇ ਵਾਧੂ ਮੁਆਵਜ਼ੇ ਦੇ ਬਾਵਜੂਦ ਆਪਣੀਆਂ ਜ਼ਮੀਨਾਂ ਦੀ ਵਾਜਬ ਕੀਮਤ ਹਾਸਲ ਕਰਨ ਵਿਚ ਨਾਕਾਮ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਮੀਨ ਦੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਕੀਮਤ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ ਜਾਂ ਫਿਰ ਇਸ ਮਾਮਲੇ ’ਤੇ ਅਕਾਲੀ ਦਲ ਵੱਲੋਂ ਵਿਆਪਕ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕਿਸ ਗੱਲ ਤੋਂ ਨਾਰਾਜ਼ ਹੋ ਕੇ ਦਿੱਤਾ ਅਸਤੀਫਾ? ਪੜ੍ਹੋ ਤਿੰਨ ਵੱਡੇ ਕਾਰਨ