ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਹ ਗੱਲ ਉਪ ਮੁੱਖ ਮੰਤਰੀ, ਮਾਲ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਅਧਿਕਾਰੀਆਂ ਦੇ ਨਾਲ ਇੱਕ ਮੀਟਿੰਗ ਦੌਰਾਨ ਕਹੀ। ਸੰਘਰਸ਼ ਕਮੇਟੀ ਦੇ ਐਡਵੋਕੇਟ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਕਈ ਥਾਵਾਂ ‘ਤੇ ਕਿਸਾਨਾਂ ਨੂੰ ਹੋਰ ਥਾਵਾਂ ਦੇ ਮੁਕਾਬਲੇ ਐਕੁਆਇਰ ਕੀਤੀ ਜ਼ਮੀਨ ਦਾ ਘੱਟ ਮੁਆਵਜ਼ਾ ਮਿਲ ਰਿਹਾ ਹੈ। ਸ: ਰੰਧਾਵਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਉਸ ਅਨੁਸਾਰ ਮੁਆਵਜ਼ਾ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।
ਮਾਲ ਮੰਤਰੀ ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮੁੱਦੇ ਦਾ ਜਲਦ ਤੋਂ ਜਲਦ ਹੱਲ ਲੱਭਣ ਤਾਂ ਜੋ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਪ੍ਰਮੁੱਖ ਲੋਕ ਸਭਾ ਮੈਂਬਰ ਸ: ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ, ਨੈਸ਼ਨਲ ਹਾਈਵੇਜ਼ ਅਥਾਰਟੀ (ਪੰਜਾਬ) ਦੇ ਸਲਾਹਕਾਰ ਕਾਹਨ ਸਿੰਘ ਪੰਨੂ, ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ, ਵਿਸ਼ੇਸ਼ ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : Breaking : ਦਿੱਲੀ ਆਏ ਕੈਪਟਨ ਅਮਰਿੰਦਰ ਨੇ ਸ਼ਾਹ ਨਾਲ ਕੀਤੀ 45 ਮਿੰਟ ਤੱਕ ਮੁਲਾਕਾਤ, ਰਾਜ ਸਭਾ ਜ਼ਰੀਏ ਦੇਸ਼ ਦੇ ਖੇਤੀਬਾੜੀ ਮੰਤਰੀ ਬਣਨ ਦੀ ਹੋ ਰਹੀ ਚਰਚਾ