ਸਿੱਧੂ ਦੀ ਨਾਰਾਜ਼ਗੀ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਤੋਂ ਦਿੱਲੀ ਪਹੁੰਚਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੰਨੀ ਸੋਨੀਆ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਹਾਈਕਮਾਂਡ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਦੁਪਹਿਰ 12 ਵਜੇ ਮੁੱਖ ਮੰਤਰੀ ਚੰਨੀ ਚੰਡੀਗੜ੍ਹ ਤੋਂ ਰਵਾਨਾ ਹੋ ਜਾਣਗੇ। ਦਿੱਲੀ ਦਰਬਾਰ ਤੋਂ ਹੁਣ ਪੰਜਾਬ ਕਾਂਗਰਸ ਵਿਚਲੇ ਕਲੇਸ਼ ਦਾ ਹੱਲ ਕੱਢਿਆ ਜਾਵੇਗਾ।
ਬੀਤੇ ਦਿਨੀਂ ਸਿੱਧੂ ਤੇ ਚੰਨੀ ਵਿਚਾਲੇ ਅਹਿਮ ਬੈਠਕ ਹੋਈ। ਇਹ ਮੀਟਿੰਗ ਦਾ ਸਿਲਸਿਲਾ ਲਗਭਗ 3 ਘੰਟੇ ਤੱਕ ਚੱਲਿਆ। ਇਸ ਦਰਮਿਆਨ ਸੂਤਰਾਂ ਤੋਂ ਮਿਲੀ ਖਬਰ ਮੁਤਾਬਕ ਇਨ੍ਹਾਂ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਸਿੱਧੂ ਨੂੰ ਹਾਲੀਆ ਫੈਸਲੇ ਤੋਂ ਜਾਣੂ ਕਰਵਾਇਆ ਹੈ। ਸਿੱਧੂ ਨੂੰ ਦੱਸੇ ਗਏ ਕੁਝ ਫੈਸਲਿਆਂ ਨੂੰ ਅੰਸ਼ਕ ਰੂਪ ਵਿੱਚ ਬਦਲਿਆ ਜਾ ਸਕਦਾ ਹੈ, ਪਰ ਵੱਡੇ ਫੈਸਲੇ ਨਹੀਂ ਬਦਲੇ ਜਾਣਗੇ। ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਦੇ ਫੈਸਲੇ ਦੇ ਨਾਲ ਹੈ। ਸਿੱਧੂ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਖੁਦ ਐਲਾਨ ਕਰਨਾ ਪਵੇਗਾ। ਹਾਈ ਕਮਾਂਡ ਵੱਲੋਂ ਕੋਈ ਪਹਿਲ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸਿੱਧੂ ਅੱਗੇ ਝੁਕੀ ਚੰਨੀ ਸਰਕਾਰ, ਅੱਜ ਹੋਵੇਗੀ ਕਾਂਗਰਸ ਦੀ ਪ੍ਰੈੱਸ ਕਾਨਫਰੰਸ
ਚੰਨੀ-ਸਿੱਧੂ ਵਿਚਾਲੇ ਹੋਈ ਮੀਟਿੰਗ ਵਿਚ ਲਏ ਗਏ ਫੈਸਲਿਆਂ ਉਤੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਹਾਲਾਂਕਿ ਨਵਜੋਤ ਸਿੰਘ ਸਿੱਧੂ ਤਿੰਨ ਮੈਂਬਰੀ ਕਮੇਟੀ ਬਣਾਉਣ ਲਈ ਸਹਿਮਤ ਹੋ ਗਏ ਹਨ ਅਤੇ ਉਨ੍ਹਾਂ ਦਾ ਅਸਤੀਫ਼ਾ ਹਾਈਕਮਾਨ ਨੇ ਰੱਦ ਕਰ ਦਿੱਤਾ ਹੈ। ਇਸ ਤਰ੍ਹਾਂ ਸਿੱਧੂ ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਬਣੇ ਰਹਿਣਗੇ। ਕਾਂਗਰਸ ਪਾਰਟੀ ਅਤੇ ਕਿਸੇ ਵੀ ਨੇਤਾ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਪਤਾ ਲੱਗਾ ਹੈ ਕਿ ਵਿਵਾਦ ਇਸ ਹੱਦ ਤਕ ਸੁਲਝਾ ਲਿਆ ਗਿਆ ਸੀ ਕਿ ਮੁੱਖ ਮੰਤਰੀ ਚੰਨੀ ਨੇ ਸਿੱਧੂ ਦੀ ਇਹ ਕਹਿ ਕੇ ਅਧਿਕਾਰੀਆਂ ਨੂੰ ਹਟਾਉਣ ਦੀ ਮੰਗ ਨੂੰ ਟਾਲ ਦਿੱਤਾ ਕਿ ਭਵਿੱਖ ਵਿੱਚ ਇਹ ਮਸਲਾ ਠੰਡੇ ਬਸਤੇ ‘ਚ ਪਾ ਦਿੱਤਾ ਕਿ ਭਵਿੱਖ ਵਿੱਚ ਸਿੱਧੂ ਦੀ ਰਾਏ ਅਜਿਹੇ ਮਾਮਲਿਆਂ ਵਿੱਚ ਵੀ ਲਈ ਜਾਵੇਗੀ।