ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਕੀਤੀ ਹੈ। ਪੰਜਾਬ ਕਾਂਗਰਸ ‘ਚ ਸ਼ੁਰੂ ਹੋਏ ਕਲੇਸ਼ ਦੇ ਵਿਚਕਾਰ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ PM ਮੋਦੀ ਨੂੰ ਮਿਲਣ ਪਹੁੰਚੇ ਸਨ।
ਇਸ ਦੌਰਾਨ ਪ੍ਰਧਾਨ ਮੰਤਰੀ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ, ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਰਗੇ ਵੱਡੇ ਮਸਲਿਆਂ ‘ਤੇ ਗੱਲਬਾਤ ਹੋਈ ਹੈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ ਹੈ, ਇਸ ਦੌਰਾਨ ਉਨ੍ਹਾਂ ਨੇ ਤਿੰਨ ਮੁੱਖ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਵਿਚਕਾਰ Air India ਦੀ ਨਿਲਾਮੀ ਨੂੰ ਲੈ ਕੇ ਟਿਕੈਤ ਨੇ ਟਵਿੱਟਰ ‘ਤੇ ਘੇਰੀ ਮੋਦੀ ਸਰਕਾਰ
ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ 10 ਤਰੀਕ ਦੀ ਥਾਂ ਅੱਜ ਤੋਂ ਹੀ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨੇ ਛੇਤੀ ਹੀ ਕੋਈ ਫੈਸਲਾ ਲੈਣ ਬਾਰੇ ਭਰੋਸਾ ਦਿੱਤਾ ਹੈ। ਦੂਜੇ ਮਸਲੇ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਕਿਸਾਨਾਂ ਨਾਲ ਫਿਰ ਗੱਲਬਾਤ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਤੀਜਾ ਮੁੱਦਾ ਕਰਤਾਰਪੁਰ ਕਾਰੀਡੋਰ ਦਾ ਹੈ। ਮੁੱਖ ਮੰਤਰੀ ਨੇ ਬੰਦ ਪਿਆ ਕਾਰੀਡੋਰ ਖੋਲ੍ਹਣ ਲਈ ਅਪੀਲ ਕੀਤੀ ਹੈ।