ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ,ਆੜ੍ਹਤੀਆਂ ਅਤੇ ਲੇਬਰ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।ਇਹ ਪ੍ਰਗਟਾਵਾ ਫਰੀਦਕੋਟ ਦੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਖਰੀਦ ਕੇਂਦਰ ਫਰੀਦਕੋਟ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਕਿਸਾਨਾਂ ਆਡ਼੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਵਿੱਚ ਅੱਜ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਤੇ ਇਹ ਫ਼ੈਸਲਾ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਸਹਾਈ ਸਿੱਧ ਹੋਵੇਗਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਅੱਜ ਆਪਣੀ ਝੋਨੇ ਦੀ ਫਸਲ ਲੈ ਕੇ ਪੁੱਜੇ ਕਿਸਾਨ ਅੰਗਰੇਜ਼ ਸਿੰਘ, ਜਤਿੰਦਰ ਮਲਹੋਤਰਾ ਵਾਸੀ ਪਿੰਡ ਘੁਗਿਆਣਾ ਆਦਿ ਦੀ ਢੇਰੀ ਦੀ ਖਰੀਦ ਸ਼ੁਰੂ ਕਰਵਾ ਕੇ ਖਰੀਦ ਦੀ ਰਸਮੀ ਸ਼ੁਰੂਆਤ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ,ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨ ਭਰਾਵਾਂ ਨੂੰ ਸਮੇਂ ਸਿਰ ਅਦਾਇਗੀ ਲਈ ਭਾਰਤੀ ਰਿਜ਼ਰਵ ਬੈਂਕ ਵੱਲੋਂ 35 ਹਜ਼ਾਰ ਕਰੋੜ ਤੋ ਵੱਧ ਦੀ ਕੈਸ਼ ਕਰੈਡਿਟ ਲਿਮਟ ਪ੍ਰਵਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਡੀ ਬੋਰਡ ਅਤੇ ਜਿਲਾ ਖੁਰਾਕ ਸਪਲਾਈ ਕੰਟਰੋਲਰ ਵੱਲੋਂ 67 ਖਰੀਦ ਕੇਂਦਰਾਂ ਵਿੱਚ ਖਰੀਦ ਦੀ ਤਿਆਰੀ ਕਰ ਲਈ ਗਈ ਹੈ ਅਤੇ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਨਮੀ ਗੇਟ ਉਤੇ ਚੈਕ ਕਰਕੇ ਹੀ ਟਰਾਲੀ ਮੰਡੀ ਅੰਦਰ ਜਾਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਦੂਜੇ ਰਾਜਾਂ ਤੋ ਝੋਨਾ ਲਿਆਉਣ ਤੋਂ ਰੋਕਣ ਲਈ ਵੀ ਸਾਰੇ ਪ੍ਬੰਧ ਕੀਤੇ ਗਏ ਹਨ, ਜਿੱਥੇ ਵੀ ਅਜਿਹਾ ਕੋਈ ਕੇਸ ਫੜਿਆ ਗਿਆ, ਉਥੇ ਸਖਤ ਕਾਰਵਾਈ ਕੀਤੀ ਜਾਵੇਗੀ। ਜਿਲ੍ਹਾ ਮੰਡੀ ਅਫਸਰ ਸ਼੍ਰੀ ਸਲੋਧ ਬਿਸ਼ਨੋਈ ਅਤੇ ਚੇਅਰਮੈਨ ਗਿੰਦਰਜੀਤ ਸਿੰਘ ਸੇਖੋ ਨੇ ਦੱਸਿਆ ਕਿ ਏ ਗਰੇਡ ਕੁਆਲਟੀ ਦੇ ਝੋਨੇ ਦਾ ਸਰਕਾਰੀ ਮੁੱਲ 1960 ਰੁਪਏ ਐਲਾਨਿਆ ਗਿਆ ਹੈ ਅਤੇ ਨਮੀ ਦੀ ਆਗਿਆ 17 ਫੀਸਦੀ ਤੱਕ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਖਰੀਦ ਸੁਚਾਰੂ ਢੰਗ ਨਾਲ ਚੱਲਦੀ ਰਹੇ ਅਤੇ ਕਿਸਾਨਾਂ ਨੂੰ ਪਰੇਸ਼ਾਨ ਨਾ ਹੋਣਾ ਪਵੇ ਲਈ ਜਰੂਰੀ ਹੈ ਗਿੱਲਾ ਝੋਨਾ ਮੰਡੀ ਵਿੱਚ ਨਾ ਲਿਆਂਦਾ ਜਾਵੇ।