ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ‘ਤੇ ਜਮ ਕੇ ਨਿਸ਼ਾਨ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੀ. ਐੱਮ. ਬਦਲਣ ਨਾਲ ਕਾਂਗਰਸ ਦੀਆਂ ਨਾਕਾਮੀਆਂ ਨੂੰ ਲੁਕਾਇਆ ਨਹੀਂ ਜਾ ਸਕਦਾ। ਮਜੀਠੀਆ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਚਿਹਰਾ’ ਨਹੀਂ ਬਲਕਿ ਕਾਂਗਰਸ ਲਈ ‘ਮੋਹਰਾ’ ਹਨ। ਅਸੀਂ ਜਦੋਂ ਇਹ ਐਲਾਨ ਕੀਤਾ ਕਿ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਐੱਸ. ਸੀ. ਭਾਈਚਾਰੇ ਦਾ ਉਪ ਮੁੱਖ ਮੰਤਰੀ ਬਣਾਏਗੀ ਉਦੋਂ ਹੀ ਕਾਂਗਰਸ ਪਾਰਟੀ ਵੱਲੋਂ ਐੱਸ. ਸੀ. ਭਾਈਚਾਰੇ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ।
ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਸ੍ਰੀ ਗੁਟਕਾਸਾਹਿਬ ‘ਤੇ ਆਪਣੀ ਸਹੁੰ ਨਹੀਂ ਪੂਰੀ ਕਰ ਸਕੇ ਅਤੇ ਹਮੇਸ਼ਾ ਅਕਾਲੀ ਦਲ ਨੂੰ ਹੀ ਕੋਸਦੇ ਰਹੇ। ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਸਾਰੇ ਮੰਚਾਂ ‘ਤੇ ਉਨ੍ਹਾਂ ਦੀਆਂ ਅਸਫਲਤਾਵਾਂ ਨੂੰ ਉਜਾਗਰ ਕੀਤਾ। ਇਕ ਪ੍ਰੋਗਰਾਮ ਵਿਚ ਬੋਲਦੇ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦਾ ਨਵਾਂ ਚਿਹਰਾ ਕਾਂਗਰਸ ਦੀਆਂ ਨਾਕਾਮੀਆਂ ਨੂੰ ਲੁਕਾ ਨਹੀਂ ਸਕਦਾ। ਅਕਾਲੀ ਦਲ ਅਤੇ ਬਸਪਾ ਵਿਚਾਲੇ ਗੱਠਜੋੜ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਵਿਚ ਹੈ।
ਇਹ ਵੀ ਪੜ੍ਹੋ : ਸਾਬਕਾ DGP ਦਿਨਕਰ ਗੁਪਤਾ ਨੂੰ ਲੈ ਕੇ ਆਈ ਵੱਡੀ ਖ਼ਬਰ, ਸਰਕਾਰ ਨੇ ਜਾਰੀ ਕੀਤਾ ਇਹ ਹੁਕਮ
ਮਜੀਠੀਆ ਨੇ ਕਿਹਾ ਕਿ ਜਦੋਂ ਅਕਾਲੀ ਦਲ-ਬਸਪਾ ਪਹਿਲਾਂ ਇਕੱਠੇ ਹੋਏ ਸਨ, ਉਦੋਂ ਅਸੀਂ ਪੰਜਾਬ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਜਿੱਤਆਂ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਪੰਜਾਬ ਤੋਂ ਕੰਮ ਕਰੇ ਨਾ ਕਿ ਦਿੱਲੀ ਤੋਂ। ਮੈਨੂੰ ਭਰੋਸਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ 2022 ਵਿੱਚ ਸਰਕਾਰ ਬਣਾਏਗੀ।