ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦਾ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ‘ਆਪ’ ਆਗੂ ਲਖੀਮਪੁਰ ਵਿਖੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪੁੱਜੇ ਸਨ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਸਹਿ-ਇੰਚਾਰਜ ਵਿਧਾਇਕ ਬਲਜਿੰਦਰ ਕੌਰ, ਕੁਲਤਾਰ ਸਿੰਘ, ਅਮਰਜੀਤ ਸੰਧਵਾ ਯੂਪੀ ਪ੍ਰਧਾਨ ਸਭਾਜੀਤ ਸਿੰਘ ਜੀ ਨੂੰ ਲਖੀਮਪੁਰ ਪੁਲਿਸ ਲਾਈਨਜ਼ ‘ਚ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : CM ਚੰਨੀ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਖ਼ਤਮ, ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ!
‘ਆਪ’ ਦਾ ਵਫ਼ਦ ਪਹਿਲਾਂ ਪਿੰਡ ਬਨਵਾਰੀਪੁਰ ਵਿੱਚ ਮ੍ਰਿਤਕ ਕਿਸਾਨ ਦੇ ਘਰ ਗਿਆ ਪਰ ਉਕਤ ਪਿੰਡ ਤੋਂ ਕਰੀਬ ਦਸ ਕਿਲੋਮੀਟਰ ਦੂਰ ਵਫ਼ਦ ਨੂੰ ਪਹਿਲਾਂ ਹੀ ਨਿਗਾਸਨ ਪੁਲਿਸ ਸਟੇਸ਼ਨ ਦੁਆਰਾ ਲਗਾਏ ਗਏ ਬਲਾਕ ‘ਤੇ ਰੋਕਿਆ ਗਿਆ । ਇਸ ਦੌਰਾਨ ਰਾਘਵ ਚੱਢਾ ਅਤੇ ਹੋਰ ਨੇਤਾਵਾਂ ਦੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿੱਖੀ ਬਹਿਸ ਵੀ ਹੋਈ। ਇਸ ਤੋਂ ਬਾਅਦ ‘ਆਪ’ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਰਾਘਵ ਚੱਢਾ ਨੇ ਇਸ ਦੀ ਨਿੰਦਾ ਕੀਤੀ ਹੈ ਤੇ ਕਿਹਾ ਕਿ ਭਾਜਪਾ ਸਰਕਾਰ ਤਾਨਾਸ਼ਾਹੀ ਦਿਖਾ ਰਹੀ ਹੈ।
ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਦੀ ਪੰਜਾਬ ਇਕਾਈ ਮੰਗ ਕਰਦੀ ਹੈ ਕਿ ਮੁਲਜ਼ਮਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ। ‘ਆਪ’ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਹੁਦੇ ‘ਤੇ ਹੁੰਦਿਆਂ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਪ੍ਰਧਾਨ ਮੰਤਰੀ ਤੋਂ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨ ਦੀ ਮੰਗ ਕੀਤੀ।