ਬਠਿੰਡਾ ਤੋਂ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ ਐੱਮ.ਪੀ ਫੰਡ ‘ਚੋਂ 75 ਲੱਖ ਦੀ ਗ੍ਰਾਂਟ ਨਾਲ ਤਿਆਰ ਕਰਵਾਏ ਗਏ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ। ਬੀਬਾ ਬਾਦਲ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਪੂਰੇ ਦੇਸ਼ ਸਮੇਤ ਪੰਜਾਬ ਦੇ ਲੋਕਾਂ ਨੂੰ ਆਕਸੀਜਨ ਦੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਜਿਸਦੇ ਚੱਲਦਿਆਂ ਲੋਕਾਂ ਨੂੰ ਆਪਣੀਆਂ ਜਾਨਾਂ ਤੱਕ ਗਵਾਉਣੀਆਂ ਪਈਆਂ ਸਨ ਤੇ ਇੱਕ ਸਾਲ ਦਾ ਸਮਾਂ ਹੋਣ ਦੇ ਬਾਵਜੂਦ ਵੀ ਸੂਬਾ ਸਰਕਾਰ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਜਿਸਦੇ ਚੱਲਦਿਆਂ ਉਨ੍ਹਾਂ ਵਲੋਂ ਐਮ.ਪੀ ਫੰਡ ਵਿੱਚੋਂ ਆਕਸੀਜਨ ਪਲਾਂਟ ਲਗਾਉਣ ਲਈ ਗ੍ਰਾਂਟ ਮੁਹੱਈਆ ਕਰਵਾਈ ਗਈ ਸੀ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਇਸ ਪਲਾਂਟ ‘ਚ ਬੂਸਟਰ ਲਗਾਉਣ ਲਈ ਐਮ.ਪੀ ਫੰਡ ਵਿਚੋਂ ਹੋਰ 30 ਲੱਖ ਰੁਪਏ ਦੀ ਗ੍ਰਾਂਟ ਜਲਦ ਲੱਖ ਰੁਪਏ ਦੀ ਗ੍ਰਾਂਟ ਜਲਦ ਮੁੱਹਈਆ ਕਰਵਾਉਣਗੇ।
ਇਸਤੋਂ ਇਲਾਵਾ ਬੀਬਾ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨੀਂ ਯੂ.ਪੀ ਦੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਜਿਸ ਵਿੱਚ ਕਿਸਾਨਾਂ ਦੀ ਮੌਤ ਹੋ ਗਈ ਲਈ ਮੋਦੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਜਿਹੜੇ ਵੀ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ ਉਸ ਵਲੋਂ ਉੱਥੇ ਕਿਸਾਨਾਂ ‘ਤੇ ਤਸ਼ੱਦਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾ ਹਰਿਆਣਾ ‘ਚ ਅਜਿਹੀ ਘਟਨਾ ਵਾਪਰੀ ਤੇ ਹੁਣ ਲਖੀਮਪੁਰ ਵਿੱਚ, ਜਿਸਨੂੰ ਕਿ ਬਿਲਕੁਲ ਵੀ ਬਰਦਾਸ਼ਿਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਟ ਬਣਾ ਕੇ ਲਖੀਮਪੁਰ ਦੀ ਘਟਨਾ ਦੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਸੱਚਾਈ ਸਭ ਦੇ ਸਾਹਮਣੇ ਹੈ ਕਿ ਕਿਵੇਂ ਗੱਡੀ ਨਾਲ ਕਿਸਾਨਾਂ ਨੂੰ ਕੁਚਲਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਖੜ੍ਹਾ ਹੈ ਤੇ ਯੂ.ਪੀ ‘ਚ ਵਾਪਰੀ ਘਟਨਾ ਲਈ ਇਨਸਾਫ ਮਿਲਣ ਤੱਕ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ। ਅਖੀਰ ਵਿੱਚ ਉਨ੍ਹਾਂ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਤੇ ਕਾਂਗਰਸੀ ਵਿਧਾਇਕਾਂ ਵਲੋਂ ਯੂ.ਪੀ ਜਾ ਕੇ ਗ੍ਰਿਫਤਾਰੀਆਂ ਦੇਣ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਹੁਣ ਪੰਜਾਬ ‘ਚੋਂ ਕਾਂਗਰਸ ਨੂੰ ਹਮੇਸ਼ਾ ਲਈ ਰਵਾਨਾ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਜਦੋਂ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੀ ਯਾਦ ਨਾ ਆਈ ਤੇ ਹੁਣ ਜਦੋਂ ਮੁੱਖ ਮੰਤਰੀ ਦੀ ਕੁਰਸੀ ਉਨ੍ਹਾਂ ਕੋਲ ਨਹੀਂ ਰਹੀ ਤਾਂ ਅੱਜ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਯਾਦ ਆ ਗਈ ਤੇ ਅਮਿਤ ਸ਼ਾਹ ਨਾਲ ਮੀਟਿੰਗ ਕਰ ਰਹੇ ਹਨ ਤੇ ਉਨ੍ਹਾਂ ਕਿਹਾ ਪੰਜਾਬ ਵਾਸੀਆਂ ਨੂੰ ਇਨ੍ਹਾਂ ਦੀ ਦੋਗਲੀ ਰਾਜਨੀਤੀ ਪਛਾਣਨ ਦੀ ਲੋੜ ਹੈ।