ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਹੋਇਆ। ਦੇਵਾ ਖੇਤਰ ਦੇ ਬਾਬੁਰੀ ਪਿੰਡ ਦੇ ਕੋਲ ਇੱਕ ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ 9 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 27 ਜ਼ਖਮੀ ਹੋਏ ਹਨ। ਇਸ ਵਿੱਚ ਬਹੁਤ ਸਾਰੇ ਗੰਭੀਰ ਹਨ। ਜ਼ਖਮੀਆਂ ਨੂੰ ਹਸਪਤਾਲ ਭੇਜਿਆ ਜਾ ਰਿਹਾ ਹੈ। ਬੱਸ ਦਿੱਲੀ ਤੋਂ ਬਹਰਾਇਚ ਜਾ ਰਹੀ ਸੀ। ਇਸ ਵਿੱਚ 60-70 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਸੜਕ ‘ਤੇ ਆਈ ਗਾਂ ਨੂੰ ਬਚਾਉਣ ਲਈ ਟਰੱਕ ਅਤੇ ਬੱਸ ਦੀ ਟੱਕਰ ਹੋ ਗਈ।
ਐੱਸ.ਪੀ. ਯਮੁਨਾ ਪ੍ਰਸਾਦ ਨੇ ਦੱਸਿਆ ਕਿ ਪੁਲਿਸ ਫੋਰਸ ਦੇ ਨਾਲ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਟਰੱਕ ਰੇਤ ਨਾਲ ਭਰਿਆ ਹੋਇਆ ਸੀ। ਜੇ. ਸੀ. ਬੀ. ਨੂੰ ਮੌਕੇ ‘ਤੇ ਬੁਲਾਇਆ ਗਿਆ।
ਬਹੁਤ ਸਾਰੀਆਂ ਲਾਸ਼ਾਂ ਅਤੇ ਯਾਤਰੀ ਬੁਰੀ ਤਰ੍ਹਾਂ ਫਸੇ ਹੋਏ ਸਨ। ਗੱਡੀਆਂ ਨੂੰ ਕਟਰ ਨਾਲ ਕੱਟ ਕੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਡਾ: ਆਦਰਸ਼ ਸਿੰਘ ਵੀ ਜ਼ਿਲ੍ਹਾ ਹਸਪਤਾਲ ਪਹੁੰਚੇ ਅਤੇ ਜ਼ਖ਼ਮੀਆਂ ਦੀ ਦੇਖਭਾਲ ਕੀਤੀ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।